ਬਜਟ ਸੈਸ਼ਨ 29 ਤੋਂ: ਵਿਰੋਧੀ ਦਲਾਂ ਵੱਲੋਂ ਰਾਸ਼ਟਰਪਤੀ ਦੇ ਭਾਸ਼ਨ ਦੇ ਬਾਈਕਾਟ ਦਾ ਐਲਾਨ

Category : World | world Posted on 2021-01-28 10:24:51


ਬਜਟ ਸੈਸ਼ਨ 29 ਤੋਂ: ਵਿਰੋਧੀ ਦਲਾਂ ਵੱਲੋਂ ਰਾਸ਼ਟਰਪਤੀ ਦੇ ਭਾਸ਼ਨ ਦੇ ਬਾਈਕਾਟ ਦਾ ਐਲਾਨ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੋਂ ਇਲਾਵਾ ਕਾਂਗਰਸ ਦੀ ਅਗਵਾਈ ਹੇਠ16 ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇਕਮੁੱਠਤਾ ਜ਼ਾਹਰ ਕਰਦਿਆਂ 29 ਜਨਵਰੀ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਸੰਬੋਧਨ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਇਹ ਜਾਣਕਾਰੀ ਦਿੱਤੀ। ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਕੋਵਿੰਦ ਵੱਲੋਂ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਨਾਲ ਸ਼ੁਰੂ ਹੋਵੇਗਾ। ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਬਿਆਨ ਜਾਰੀ ਕਰਦਿਆਂ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਹੰਕਾਰੀ, ਅੜੀਅਲ ਤੇ ਗ਼ੈਰਜਮਹੂਰੀ ਬਣੀ ਹੋਈ ਹੈ। ਸਰਕਾਰ ਦੀ ਅਸੰਵੇਦਨਸ਼ੀਲਤਾ ਤੋਂ ਹੈਰਾਨ ਹੋ ਕੇ ਅਸੀਂ ਵਿਰੋਧੀ ਪਾਰਟੀਆਂ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਦੁਹਰਾਈ ਹੈ ਅਤੇ ਕਿਸਾਨਾਂ ਨਾਲ ਇਕਜੁੱਟਤਾ ਜਤਾਈ ਹੈ।

ਇਸ ਦੇ ਨਾਲ ਫੈਸਲਾ ਕੀਤਾ ਹੈ ਕਿ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕੀਤਾ ਜਾਵੇਗਾ।” ਬਿਆਨ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਨੈਸ਼ਨਲ ਕਾਨਫਰੰਸ, ਡੀਐੱਮਕੇ, ਤ੍ਰਿਣਮੂਲ ਕਾਂਗਰਸ, ਸ਼ਿਵ ਸੈਨਾ, ਸਪਾ, ਆਰਜੇਡੀ, ਸੀਪੀਆਈ-ਐੱਮ, ਸੀਪੀਆਈ, ਆਈਯੂਐੱਮਐੱਲ, ਆਰਐੱਸਪੀ, ਪੀਡੀਪੀ, ਐੱਮਡੀਐੱਮਕੇ, ਕੇਰਲ ਕਾਂਗਰਸ (ਐੱਮ) ਅਤੇ ਏਆਈਯੂਡੀਐੱਫ ਨੇ ਸਾਂਝੇ ਤੌਰ ’ਤੇ ਫੈਸਲਾ ਲਿਆ ਹੈ।
ਸ੍ਰੋਮਣੀ ਅਕਾਲੀ ਦਲ ਦੇ ਨੇਤਾ ਨਰੇਸ਼ ਗੁਜਰਾਲ ਨੇ ਕਿਹਾ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਪਾਰਟੀ ਨੇ ਰਾਸ਼ਟਰਪਤੀ ਦੇ ਭਾਸ਼ਨ ਦੇ ਬਾਈਕਾਟ ਦਾ ਫ਼ੈਸਲਾਕ ਕੀਤਾ ਹੈ। ਆਪ ਦੀ ਸੰਸਦੀ ਕਮੇਟੀ ਨੇ ਵੀ ਅਜਿਹਾ ਫੈਸਲਾ ਕੀਤਾ ਹੈ।

Stay tuned with us