ਅਜਨਾਲਾ ਦੇ ਥਾਣੇ ‘ਚ ਹਥਿਆਰਬੰਦ ਕੱਟੜਪੰਥੀਆਂ ਅਤੇ ਪੁਲੀਸ ਵਿਚਕਾਰ ਜ਼ਬਰਦਸਤ ਝੜਪ ਦੇਖਣ ਨੂੰ ਮਿਲੀ ਜਿਸ ਨਾਲ ਇਕ ਵਾਰ ਸਥਿਤੀ ਬੇਕਾਬੂ ਤੇ ਤਣਾਅਪੂਰਨ ਵੀ ਜਾਪਣ ਲੱਗੀ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਸਮਰਥਕਾਂ ਦੀ ਪੁਲੀਸ ਨਾਲ ਇਹ ਝੜਪ ਹੋਈ। ਪ੍ਰਦਰਸ਼ਨਕਾਰੀ ਥਾਣੇ ਅੰਦਰ ਜਬਰੀ ਦਾਖ਼ਲ ਹੋ ਗਏ ਜਿਸ ਕਾਰਨ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਖਾਲਿਸਤਾਨ ਪੱਖੀ ਨਾਅਰੇ ਲਗਾਉਂਦਿਆਂ ਕੱਟੜਪੰਥੀਆਂ ਨੇ ਮੰਗ ਕੀਤੀ ਕਿ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਸ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਧਰਨਾ ਦੇਣਗੇ। ਅਜਨਾਲਾ ਪੁਲੀਸ ਨੇ ਛੇ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਸਮਰਥਕਾਂ ਖ਼ਿਲਾਫ਼ ਚਮਕੌਰ ਸਾਹਿਬ ਦੇ ਵਸਨੀਕ ਵਰਿੰਦਰ ਸਿੰਘ ਨੂੰ ਅਗਵਾ ਕਰਕੇ ਉਸ ਨੂੰ ਕੁੱਟਣ ਦਾ ਕੇਸ ਦਰਜ ਕੀਤਾ ਸੀ। ਬਾਅਦ ‘ਚ ਪੁਲੀਸ ਪ੍ਰਸ਼ਾਸਨ ਨਾਲ ਬਣੀ ਸਹਿਮਤੀ ‘ਚ ਲਵਪ੍ਰੀਤ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤੇ ਜਾਣ ਮਗਰੋਂ ਧਰਨਾ ਖ਼ਤਮ ਕਰ ਦਿੱਤਾ ਗਿਆ। ਸਵੇਰੇ ਤੋਂ ਹੀ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਤਿੰਦਰ ਸਿੰਘ ਦੀ ਅਗਵਾਈ ਹੇਠ ਪੂਰਾ ਅਜਨਾਲਾ ਸ਼ਹਿਰ ਪੁਲੀਸ ਛਾਉਣੀ ‘ਚ ਤਬਦੀਲ ਕੀਤਾ ਹੋਇਆ ਸੀ। ਇਸ ਦੌਰਾਨ ਵੱਡੀ ਗਿਣਤੀ ‘ਚ ਕੱਟੜਪੰਥੀ ਡਾਂਗਾਂ, ਸੋਟਿਆਂ ਅਤੇ ਹੋਰ ਹਥਿਆਰਾਂ ਨਾਲ ਉਥੇ ਪਹੁੰਚ ਗਏ। ਕਾਫਲੇ ਦੀ ਅਗਵਾਈ ਗੁਰੁ ਗ੍ਰੰਥ ਸਾਹਿਬ ਦੀ ਪਾਲਕੀ ਵਾਲੀ ਗੱਡੀ ਕਰ ਰਹੀ ਸੀ। ਕਾਫਲਾ ਸ਼ਹਿਰ ਅੰਦਰ ਦਾਖ਼ਲ ਹੋਇਆ ਤਾਂ ਜੋਸ਼ ‘ਚ ਆਏ ਨੌਜਵਾਨਾਂ ਨੇ ਪੁਲੀਸ ਵੱਲੋਂ ਰਸਤੇ ‘ਚ ਲਗਾਏ ਬੈਰੀਕੇਡ ਹਟਾ ਦਿੱਤੇ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ‘ਚ ਝੜਪ ਵੀ ਹੋਈ ਅਤੇ ਐੱਸ.ਪੀ. ਜੁਗਰਾਜ ਸਿੰਘ ਤੇ ਹੋਰ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ। ਸ਼ਹਿਰ ‘ਚ ਹਾਲਾਤ ਪੂਰੇ ਤਣਾਅ ਵਾਲੇ ਬਣ ਗਏ ਸਨ। ਆਈ.ਜੀ. ਜਸਕਰਨ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ, ਐੱਸ.ਡੀ.ਐੱਮ. ਰਾਜੇਸ਼ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਉਪਰੰਤ ਦੋਹਾਂ ਧਿਰਾਂ ਦਰਮਿਆਨ ਆਪਸੀ ਸਹਿਮਤੀ ਬਣੀ ਜਿਸ ਮਗਰੋਂ ਧਰਨਾ ਖ਼ਤਮ ਕਰ ਦਿੱਤਾ ਗਿਆ। ਐੱਸ.ਐੱਸ.ਪੀ. ਨੇ ਦੱਸਿਆ ਕਿ ਜੋ ਵੀ ਪੱਖ ਰੱਖਿਆ ਗਿਆ, ਉਸ ਨੂੰ ਵਿਚਾਰਨ ਮਗਰੋਂ ਜੇਲ੍ਹ ‘ਚ ਬੰਦ ਲਵਪ੍ਰੀਤ ਸਿੰਘ ਉਰਫ਼ ਤੂਫਾਨ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਉਸ ਨੂੰ ਭਲਕੇ ਰਿਹਾਅ ਕਰ ਦਿੱਤਾ ਜਾਵੇਗਾ। ਝੜਪ ‘ਚ ਪੁਲੀਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁਲੀਸ ਨਾਲ ਟਕਰਾਅ ਦਾ ਕੋਈ ਮੰਤਵ ਨਹੀਂ ਹੈ ਅਤੇ ਉਹ ਝੂਠੇ ਪਰਚੇ ਰੱਦ ਕਰਵਾਉਣ ਲਈ ਆਏ ਹਨ।