ਅਜਨਾਲਾ ਪੁਲੀਸ ਨੇ ਇਕ ਨੌਜਵਾਨ ਨੂੰ ਅਜਨਾਲਾ ਤੋਂ ਅਗਵਾ ਕਰਕੇ ਉਸਦੀ ਕੁੱਟਮਾਰ ਕਰਨ ਦੇ ਦੋਸ਼ ‘ਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਸਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਵਰਿੰਦਰ ਸਿੰਘ ਨਾਮ ਦੇ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ। ਪੁਲੀਸ ਨੂੰ ਦਿੱਤੇ ਆਪਣੇ ਬਿਆਨ ‘ਚ ਪੀੜਤ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਆਪਣੇ ਪਿੰਡੋਂ ਦਮਦਮੀ ਟਕਸਾਲ ਅਜਨਾਲਾ ਦੇ ‘ਚ ਕਰਵਾਏ ਗਏ ਧਾਰਮਿਕ ਪ੍ਰੋਗਰਾਮ ‘ਚ ਹਿੱਸਾ ਲੈਣ ਪਹੁੰਚਿਆ ਸੀ, ਜਿਥੇ ਉਸਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡਾ ਜੋ ਕੋਈ ਵਿਵਾਦ ਅੰਮ੍ਰਿਤਪਾਲ ਸਿੰਘ ਖਾਲਸਾ ਨਾਲ ਚੱਲ ਰਿਹਾ ਹੈ, ਉਸ ਬਾਰੇ ਗੱਲਬਾਤ ਕਰਨੀ ਹੈ। ਜਿਸ ‘ਤੇ ਉਸ ਨੇ ਉਨ੍ਹਾਂ ਨੂੰ ਅਜਨਾਲਾ ਟਕਸਾਲ ‘ਚ ਮਿਲਣ ਲਈ ਸੱਦ ਲਿਆ। ਇਸ ਤੋਂ ਬਾਅਦ ਕੁਝ ਨੌਜਵਾਨ ਉਸ ਕੋਲ ਆਏ ਅਤੇ ਉਸ ਨੂੰ ਆਪਣੀਆਂ ਗੱਲਾਂ ‘ਚ ਫਸਾ ਕੇ ਉਸ ਨੂੰ ਗੇਟ ਤੋਂ ਬਾਹਰ ਲੈ ਗਏ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਕਾਰ ‘ਚ ਪਾ ਕੇ ਜੰਡਿਆਲਾ ਗੁਰੂ ‘ਚ ਕਿਸੇ ਅਣਪਛਾਤੀ ਥਾਂ ‘ਤੇ ਲੈ ਗਏ, ਜਿੱਥੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਡੀ.ਐੱਸ.ਪੀ. ਅਜਨਾਲਾ ਨੇ ਦੱਸਿਆ ਕਿ ਪੀੜਤ ਵਿਅਕਤੀ ਵਰਿੰਦਰ ਸਿੰਘ ਦੇ ਬਿਆਨਾਂ ‘ਤੇ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ 5-6 ਸਾਥੀਆਂ ‘ਤੇ ਪਰਚਾ ਦਰਜ ਕੀਤਾ ਗਿਆ ਹੈ ਅਤੇ 20-25 ਅਣਪਛਾਤੇ ਵਿਅਕਤੀਆਂ ‘ਤੇ ਧਾਰਾ 365, 379, 148-149 ਅਤੇ 323 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।