ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕਾਂਗਰਸ ਆਗੂ ਸੁਨੀਲ ਜਾਖੜ ਅਤੇ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦੇ ਸਾਬਕਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ। ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਜੈਵੀਰ ਸ਼ੇਰਗਿੱਲ ਨੂੰ ਭਾਜਪਾ ਦਾ ਕੌਮੀ ਸਪੋਕਸਮੈਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੀ ਉੱਤਰਾਖੰਡ ਇਕਾਈ ਦੇ ਪ੍ਰਧਾਨ ਰਹੇ ਮਦਨ ਕੌਸ਼ਿਕ, ਪਾਰਟੀ ਦੀ ਛੱਤੀਸਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਵਿਸ਼ਨੂਦੇਓ ਸਾਈ ਅਤੇ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੂੰ ਕੌਮੀ ਕਾਰਜਕਾਰਨੀ ਦਾ ਵਿਸ਼ੇਸ਼ ਇਨਵਾਇਟੀ ਮੈਂਬਰ ਬਣਾਇਆ ਗਿਆ ਹੈ। ਪੰਜਾਬ ਦੇ ਹੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਅਮਨਜੋਤ ਕੌਰ ਰਾਮੂਵਾਲੀਆ ਨੂੰ ਵੀ ਕੌਮੀ ਕਾਰਜਕਾਰਨੀ ਦਾ ਵਿਸ਼ੇਸ਼ ਇਨਵਾਇਟੀ ਮੈਂਬਰ ਬਣਾਇਆ ਗਿਆ ਹੈ। ਭਾਜਪਾ ਨੇ ਇਨ੍ਹਾਂ ਨਿਯੁਕਤੀਆਂ ‘ਚ ਪੰਜਾਬ ‘ਤੇ ਖਾਸਾ ਜ਼ੋਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਤੰਬਰ ‘ਚ ਆਪਣੇ ਹਮਾਇਤੀਆਂ ਨਾਲ ਭਾਜਪਾ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ‘ਚ ਰਲੇਵਾਂ ਵੀ ਕਰ ਲਿਆ ਸੀ। ਭਾਜਪਾ ਨੇ ਪੰਜਾਬ ਲੋਕ ਕਾਂਗਰਸ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗੱਠਜੋੜ ਕਰ ਕੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਸਨ। ਉਂਜ ਪੰਜਾਬ ਲੋਕ ਕਾਂਗਰਸ ਦਾ ਇਕ ਵੀ ਉਮੀਦਵਾਰ ਚੋਣ ਨਹੀਂ ਜਿੱਤ ਸਕਿਆ ਸੀ ਅਤੇ ਕੈਪਟਨ ਖੁਦ ਵੀ ਆਪਣੇ ਗੜ੍ਹ ਪਟਿਆਲਾ ਸ਼ਹਿਰ ਤੋਂ ਹਾਰ ਗਏ ਸਨ।
ਅਮਰਿੰਦਰ ਤੇ ਜਾਖੜ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
Related Posts
Add A Comment