ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਜਥੇਦਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਤਰ੍ਹਾਂ ਨਾਲ ਆਹਮੋ-ਸਾਹਮਣੇ ਹੋ ਗਏ ਹਨ। ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ ਮੁੱਖ ਮੰਤਰੀ ਦੇ ਟਵੀਟ ਨੂੰ ਲੈ ਕੇ ਚਰਚਾ ਛਿੜ ਪਈ। ਇਸ ਟਵੀਟ ਵਿਚਲੀ ਸ਼ਬਦਾਵਲੀ ਦੀ ਚੁਫੇਰਿਓਂ ਨਿਖੇਧੀ ਹੋ ਰਹੀ ਹੈ। ਨਿਰਪੱਖ ਰਹਿਣ ਵਾਮੇ ਆਗੂ ਤੇ ਆਮ ਲੋਕ ਵੀ ਕਹਿ ਰਹੇ ਹਨ ਕਿ ਜਥੇਦਾਰ ਨਾਲ ਸਹਿਮਤੀ ਤੇ ਅਸਹਿਮਤੀ ਵੱਖਰੀ ਗੱਲ ਹੈ ਪਰ ਅਜਿਹੀ ਸ਼ਬਦਾਵਲੀ ਦੀ ਜਨਤਕ ਵਰਤੋਂ ਮੰਦਭਾਗੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ‘ਚ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸ.ਜੀ.ਪੀ.ਸੀ. ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’ ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਮਾਮਲੇ ‘ਤੇ ਬੀਤੇ ਦਿਨ ਇਕੱਤਰਤਾ ਸੱਦੀ ਸੀ ਤੇ ਪੰਜਾਬ ਸਰਕਾਰ ਨੂੰ 24 ਘੰਟਿਆਂ ਅੰਦਰ ਸਾਰੇ ਨੌਜਵਾਨ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ। ਅਜਿਹਾ ਨਾ ਹੋਣ ‘ਤੇ ਖ਼ਾਲਸਾ ਵਹੀਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ‘ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ‘ਤੇ ਪਾਈ ਗਈ ਪੋਸਟ ਤੋਂ ਬਾਅਦ ਇਸ ਦਾ ਜਵਾਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਦਿੱਤਾ ਗਿਆ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜਿਵੇਂ ਮੁੱਖ ਮੰਤਰੀ ਪੰਜਾਬ ਦੀ ਨੁਮਾਇੰਦਗੀ ਕਰਦੇ ਹਨ, ਉਸੇ ਤਰ੍ਹਾਂ ਉਹ ਵੀ ਆਪਣੀ ਕੌਮ ਦੇ ਨਿਮਾਣੇ ਜਿਹੇ ਨੁਮਾਇੰਦੇ ਹਨ। ਉਨ੍ਹਾਂ ਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਇਹ ਉਨ੍ਹਾਂ ਦਾ ਫਰਜ਼ ਵੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ, ‘ਤੁਸੀਂ ਠੀਕ ਕਿਹਾ ਹੈ ਕਿ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਰਾਜਸੀ ਲੋਕ ਵਰਤ ਜਾਂਦੇ ਹਨ ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਤੁਸੀਂ ਆਪਣਾ ਧਿਆਨ ਰੱਖੋ, ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ, ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ।’ ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਰਾਜਨੀਤੀ ਲਈ ਸੰਵਾਦ ਬਾਅਦ ‘ਚ ਕਰਾਂਗੇ, ਪਹਿਲਾਂ ਆਓ ਰਲ ਕੇ ਪੰਜਾਬ ਨੂੰ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹਾਂ ‘ਚ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਅਤੇ ਅਸੀਸ ਲਈਏ।