ਮੁਹਾਲੀ ਪੁਲੀਸ ਨੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ ‘ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਫੇਜ਼-1 ਥਾਣੇ ‘ਚ ਕੇਸ ਦਰਜ ਕੀਤਾ ਗਿਆ ਹੈ। ‘ਆਪ’ ਆਗੂ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ਉਕਤ ਕਾਂਗਰਸ ਆਗੂਆਂ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੀਆਂ ਨਿਯੁਕਤੀਆਂ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਸਤਖ਼ਤਾਂ ਵਾਲੀ ‘ਝੂਠੀ’ ਤੇ ਗਲਤ ਤੱਥਾਂ ਵਾਲੀ ਸੂਚੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਫੇਜ਼-1 ਦੇ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ ਫੇਜ਼-5 ਦੀ ਵਸਨੀਕ ਪ੍ਰਭਜੋਤ ਕੌਰ ਨੇ ਮੁਹਾਲੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ‘ਚ ਲਿਆਉਣ ਤੋਂ ਬਾਅਦ ਮੁੱਢਲੀ ਜਾਂਚ ਤੇ ਡੀ.ਏ. ਲੀਗਲ ਦੀ ਸਲਾਹ ਲੈਣ ਮਗਰੋਂ ਉਕਤ ਆਗੂਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 465, 471 ਅਤੇ ਆਈ.ਟੀ. ਐਕਟ 66-ਡੀ ਅਧੀਨ ਕੇਸ ਦਰਜ ਕੀਤਾ ਗਿਆ ਹੈ। ‘ਆਪ’ ਆਗੂ ਨੇ ਆਪਣੀ ਸ਼ਿਕਾਇਤ ‘ਚ ਲਿਖਿਆ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਪੰਜਾਬ ਸਰਕਾਰ ਵੱਲੋਂ ਹਾਲ ਹੀ ‘ਚ ਵੱਖ-ਵੱਖ ਕਾਰਪੋਰੇਸ਼ਨਾਂ ਤੇ ਬੋਰਡਾਂ ਦੇ ਨਿਯੁਕਤ ਕੀਤੇ ਚੇਅਰਮੈਨਾਂ ਦੀ ਨਿਯੁਕਤੀ ਸਬੰਧੀ ਤੱਥਾਂ ਨੂੰ ਤੋੜ-ਮਰੋੜ ਕੇ ਪੋਸਟ ਅਪਲੋਡ ਕੀਤੀ ਹੈ। ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਚੇਅਰਮੈਨਾਂ ਬਾਰੇ ਜਾਰੀ ਅਸਲ ਪੱਤਰ ਦੀ ਥਾਂ ਆਪਣੇ ਵੱਲੋਂ ਕਥਿਤ ਤੌਰ ‘ਤੇ ਜਾਅਲੀ ਪੱਤਰ ਤਿਆਰ ਕਰਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਅਜਿਹਾ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਕੀਤਾ ਹੈ।