ਅੰਮ੍ਰਿਤਸਰ (ਉੱਤਰੀ) ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਚਰਚਿਤ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਨ ਸਭਾ ਦਫ਼ਤਰ ਵੱਲੋਂ ਅਸਤੀਫ਼ਾ ਰਿਸੀਵ ਕਰ ਲਿਆ ਗਿਆ ਹੈ ਜਿਸ ਨੂੰ ਹਾਲੇ ਪ੍ਰਵਾਨ ਨਹੀਂ ਕੀਤਾ ਗਿਆ। ਹੁਣ ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ੈਸਲਾ ਲੈਣਗੇ। ਜਾਣਕਾਰੀ ਮੁਤਾਬਕ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਇਸ ਕਮੇਟੀ ਦਾ ਕੰਮ ਸਰਕਾਰ ਵਲੋਂ ਵਿਧਾਨ ਸਭਾ ਸਦਨ ‘ਚ ਦਿੱਤੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਸਬੰਧੀ ਭਰੋਸਿਆਂ ਦੀ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੇ ਪੂਰਾ ਹੋਣ ਸਬੰਧੀ ਪਤਾ ਲਗਾਉਣ ਨਾਲ ਸਬੰਧਿਤ ਹੈ। ਕਮੇਟੀ ਵਲੋਂ ਸਬੰਧਿਤ ਵਿਭਾਗਾਂ ਨੂੰ ਸਦਨ ‘ਚ ਦਿੱਤੇ ਗਏ ਭਰੋਸਿਆਂ ਬਾਰੇ ਸੂਚਨਾ ਭੇਜੀ ਜਾਂਦੀ ਹੈ ਅਤੇ ਸਬੰਧਿਤ ਵਿਭਾਗਾਂ ਨੂੰ ਤਿੰਨ ਮਹੀਨੇ ਦੇ ਅੰਦਰ ਕਮੇਟੀ ਨੂੰ ਆਪਣਾ ਜਵਾਬ ਭੇਜਣਾ ਹੁੰਦਾ ਹੈ। ਇਸ ‘ਚ ਉਕਤ ਭਰੋਸੇ ਦੇ ਲਾਗੂ ਕੀਤੇ ਜਾਣ ਸਬੰਧੀ ਸਥਿਤੀ ਦਾ ਜ਼ਿਕਰ ਕੀਤਾ ਜਾਂਦਾ ਹੈ। ਇਸ ਲਹਿਜ਼ੇ ਨਾਲ ਇਸ ਕਮੇਟੀ ਨੂੰ ਵਿਧਾਨ ਸਭਾ ਦੀਆਂ ਅਹਿਮ ਕਮੇਟੀਆਂ ‘ਚ ਸ਼ੁਮਾਰ ਕੀਤਾ ਜਾਂਦਾ ਹੈ। ਸੂਤਰਾਂ ਦੀ ਮੰਨੀਏ ਤਾਂ ਚੇਅਰਮੈਨ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਐੱਸ.ਆਈ.ਟੀ. ਜਾਂਚ ਸਬੰਧੀ ਪੰਜਾਬ ਦੇ ਡੀ.ਜੀ.ਪੀ. ਅਤੇ ਮੁੱਖ ਸਕੱਤਰ ਨੂੰ ਹਾਜ਼ਰ ਹੋ ਕੇ ਜ਼ੁਬਾਨੀ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਸੀ ਅਤੇ ਇਸ ਸਬੰਧ ‘ਚ ਕਮੇਟੀ ਦੀ ਬੈਠਕ ਵੀ ਰੱਖੀ ਗਈ ਸੀ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਇਕ ਮੀਟਿੰਗ ਸੱਦ ਲਈ ਜਿਸ ਕਾਰਨ ਸਾਰੀਆਂ ਕਮੇਟੀਆਂ ਦੀ ਤੈਅ ਕੀਤੀਆਂ ਗਈਆਂ ਬੈਠਕਾਂ ਨੂੰ ਰੱਦ ਕਰਨਾ ਪਿਆ। ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਸਬੰਧ ‘ਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵੱਲੋਂ ਕੁਝ ਵੀ ਜਵਾਬ ਨਹੀਂ ਦਿੱਤਾ ਗਿਆ। ਸੂਤਰਾਂ ਮੁਤਾਬਕ ਉਨ੍ਹਾਂ ਇਹ ਅਸਤੀਫ਼ਾ ‘ਆਪ’ ਸਰਕਾਰ ਨਾਲ ਚੱਲ ਰਹੀ ਨਾਰਾਜ਼ਗੀ ਤੋਂ ਬਾਅਦ ਮਤਭੇਦ ਵਧ ਜਾਣ ਕਰਕੇ ਦਿੱਤਾ ਹੈ।