ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਤਰਨ ਤਾਰਨ ਜ਼ਿਲ੍ਹੇ ‘ਚ ਕਰੀਬ ਦੋ ਸਾਲ ਪਹਿਲਾਂ ਵਾਪਰੇ ਜ਼ਹਿਰੀਲੀ ਸ਼ਰਾਬ ਮਾਮਲੇ ਦੇ ਸਬੰਧ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਉਸ ਸਮੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਰਨਾ ਦਿੰਦੇ ਹੋਏ ਹਾਈਵੇ ਜਾਮ ਕੀਤਾ ਗਿਆ ਸੀ। ਇਸ ਸਬੰਧੀ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦੋ ਮਾਮਲੇ ਦਰਜ ਕੀਤੇ ਗਏ ਸਨ। ਮਾਣਯੋਗ ਅਦਾਲਤ ‘ਚ ਚੱਲ ਰਹੇ ਕੇਸ ਦੌਰਾਨ ਗੈਰਹਾਜ਼ਰ ਹੋਣ ਸਬੰਧੀ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਭਗੌੜਾ ਕਰਾਰ ਦਾ ਫ਼ੈਸਲਾ ਸੁਣਾਉਂਦੇ ਹੋਏ ਪੁਲੀਸ ਨੂੰ ਤੁਰੰਤ ਪਰਚਾ ਦਰਜ ਕਰਨ ਅਤੇ ਪ੍ਰਾਪਰਟੀ ਅਟੈਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਹੋਰ ਵਰਕਰਾਂ ਵੱਲੋਂ ਮਾਣਯੋਗ ਅਦਾਲਤ ‘ਚ ਹਾਜ਼ਰੀ ਲਗਵਾਈ ਗਈ। ਜਾਣਕਾਰੀ ਅਨੁਸਾਰ ਮਾਣਯੋਗ ਅਦਾਲਤ ‘ਚ ਚੱਲ ਰਹੇ ਕੇਸ ਦੀ ਸੁਣਵਾਈ ਦੋਰਾਨ ਬੀਤੀ 26 ਅਗਸਤ ਤੋਂ ਲਗਾਤਾਰ ਹਲਕਾ ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਂਗ ਗੈਰਹਾਜ਼ਰ ਚੱਲ ਰਹੇ ਸਨ। ਇਸ ਦੌਰਾਨ ਮਾਨਯੋਗ ਬਗੀਚਾ ਸਿੰਘ ਦੀ ਅਦਾਲਤ ਵੱਲੋਂ ਵਿਧਾਇਕ ਦਲਬੀਰ ਸਿੰਘ ਟੌਗ ਨੂੰ ਜਿੱਥੇ ਭਗੌੜਾ ਕਰਾਰ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੀ ਪੁਲੀਸ ਨੂੰ ਤੁਰੰਤ ਧਾਰਾ 174-ਏ ਤਹਿਤ ਮਾਮਲਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਉਥੇ ਉਨ੍ਹਾਂ ਦੀ ਜਾਇਦਾਦ ਨੂੰ ਸੱਤ ਦਿਨਾਂ ‘ਚ ਅਟੈਚ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਗਏ। ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬੀਨਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਵਰਕਰਾਂ ਵੱਲੋਂ ਮਾਣਯੋਗ ਅਦਾਲਤ ‘ਚ ਹਾਜ਼ਰੀ ਲਗਾਈ ਗਈ ਜਦਕਿ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਅਦਾਲਤ ਨੂੰ ਗੈਰਹਾਜ਼ਰ ਰਹਿਣ ਸਬੰਧੀ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧੀ ‘ਆਪ’ ਵੱਲੋਂ ਅਦਾਲਤ ‘ਚ ਪੇਸ਼ ਹੋਣ ਵਾਲੇ ਵਕੀਲ ਬੂਟਾ ਸਿੰਘ ਨੇ ਦੱਸਿਆ ਕਿ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਭਗੌੜਾ ਕਰਾਰ ਸਬੰਧੀ ਆਦੇਸ਼ ਦਿੰਦੇ ਹੋਏ ਕੇਸ ਦੀ ਅਗਲੀ ਸੁਣਵਾਈ ਲਈ ਮਿਤੀ 19 ਨਵੰਬਰ ਨਿਸ਼ਚਿਤ ਕੀਤੀ ਗਈ ਹੈ।