ਆਮ ਆਦਮੀ ਪਾਰਟੀ ਦੇ ਥੋਕ ‘ਚ ਜਿੱਤੇ ਵਿਧਾਇਕਾਂ ‘ਚੋਂ ਦਰਜਨਾਂ ਦੀ ਚਰਚਾ ਕਿਸੇ ਨਾ ਕਿਸੇ ਵਿਵਾਦ ਕਾਰਨ ਹੁੰਦੀ ਰਹਿੰਦੀ ਹੈ। ਹੁਣ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖ਼ਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਨੂੰ ਸ਼ਿਕਾਇਤ ਦਿੱਤੀ ਗਈ ਹੈ। ਵਿਧਾਇਕ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਨਸਾਫ਼ ਲਈ ਟੇਕ ਲਗਾਈ ਹੈ। ਉਨ੍ਹਾਂ ਵਿਧਾਇਕ ਪਠਾਨਮਾਜਰਾ ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਕੌਰ ਦਾ ਆਪਣੇ ਵਿਧਾਇਕ ਪਤੀ ਨਾਲ ਪਿਛਲੇ ਦੋ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਹੈ। ਹਰਮੀਤ ਸਿੰਘ ਪਠਾਨਮਾਜਰਾ ਦਾ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਹੋਇਆ ਸੀ ਪਰ ਵਿਆਹ ਦੇ ਦੋ ਮਹੀਨੇ ਪਹਿਲਾਂ ਇਨ੍ਹਾਂ ਦਾ ਝਗੜਾ ਸ਼ੁਰੂ ਹੋ ਗਿਆ ਸੀ। ਪਹਿਲਾਂ ਵੀ ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਨੇ ਇਕ-ਦੂਜੇ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਹੁਣ ਵਿਧਾਇਕ ਦੀ ਪਤਨੀ ਗੁਰਪ੍ਰੀਤ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਈ ਹੈ। ਉਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਸ਼ਿਕਾਇਤ ਦੇ ਕੇ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਕਿ ਵਿਧਾਇਕ ਪਠਾਨਮਾਜਰਾ ਨੇ ਪਿਛਲੇ ਸਾਲ 14 ਅਗਸਤ ਨੂੰ ਉਸ ਨਾਲ ਵਿਆਹ ਕਰਵਾਇਆ ਸੀ ਪਰ ਉਸ ਨੇ ਆਪਣੀ ਪਤਨੀ ਨੂੰ ਅਜੇ ਤੱਕ ਤਲਾਕ ਨਹੀਂ ਦਿੱਤਾ ਹੈ। ਇਹ ਸਿੱਖ ਮਰਿਆਦਾ ਦੇ ਖ਼ਿਲਾਫ਼ ਹੈ। ਉਨ੍ਹਾਂ ਪੁਲੀਸ ‘ਤੇ ਵੀ ਵਿਧਾਇਕ ਪਤੀ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ।