ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਅਲਾਹਾਬਾਦ ਹਾਈ ਕੋਰਟ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਹਿੰਸਕ ਘਟਨਾ ’ਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਜਸਟਿਸ ਕ੍ਰਿਸ਼ਨ ਪਹਿਲ ਦੇ ਬੈਂਚ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਸਿਆਸੀ ਤੌਰ ’ਤੇ ਇੰਨਾ ਪ੍ਰਭਾਵਸ਼ਾਲੀ ਹੈ ਕਿ ਉਹ ਗਵਾਹਾਂ ਤੇ ਮਾਮਲੇ ਦੀ ਸੁਣਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ। ਬੈਂਚ ਨੇ ਮਾਮਲੇ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ 15 ਜੁਲਾਈ ਨੂੰ ਆਪਣਾ ਹੁਕਮ ਰਾਖਵਾਂ ਰੱਖ ਲਿਆ ਸੀ। ਲਖਨਊ ਬੈਂਚ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰਦਿਆਂ ਹਾਈ ਕੋਰਟ ਨੂੰ ਨਿਰਦੇਸ਼ ਦਿੱਤਾ ਸੀ ਕਿ ਪੀਡ਼ਤ ਧਿਰ ਨੂੰ ਢੁੱਕਵਾਂ ਮੌਕੇ ਦੇ ਕੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਣਾਇਆ ਜਾਵੇ। ਇਸ ਤੋਂ ਬਾਅਦ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਨਵੇਂ ਸਿਰੇ ਤੋਂ ਸੁਣਵਾਈ ਕੀਤੀ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ’ਚ ਵਾਪਰੀ ਇਸ ਹਿੰਸਕ ਘਟਨਾ ’ਚ ਇਕ ਪੱਤਰਕਾਰ ਤੇ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਆਸ਼ੀਸ਼ ਮਿਸ਼ਰਾ ਵੀ ਮੁਲਜ਼ਮ ਹੈ। ਇਸ ਘਟਨਾ ਦੌਰਾਨ ਤੇਜ਼ ਰਫ਼ਤਾਰ ਵਾਹਨਾਂ ਨੇ ਕਈ ਵਿਅਕਤੀਆਂ ਨੂੰ ਦਰਡ਼ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਭਡ਼ਕੀ ਭੀਡ਼ ਵੱਲੋਂ ਕੀਤੀ ਗਈ ਕੁੱਟਮਾਰ ਦੌਰਾਨ ਦੋ ਭਾਜਪਾ ਵਰਕਰ ਤੇ ਇਕ ਗੱਡੀ ਦਾ ਡਰਾਈਵਰ ਮਾਰਿਆ ਗਿਆ ਸੀ।