ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕਾਂਗਰਸੀ ਕੌਂਸਲਰ ਗਗਨਦੀਪ ਸਿੰਘ ਸਨੀ ਭੱਲਾ ਨੂੰ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ‘ਚ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਵੱਲੋਂ ਸਨੀ ਭੱਲਾ ਨੂੰ ਪੁੱਛ-ਪੜਤਾਲ ਲਈ ਸੱਦਿਆ ਸੀ, ਜਿਸ ਦੌਰਾਨ ਕੁਝ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਨਾ ਦੇਣ ਕਾਰਨ ਵਿਜੀਲੈਂਸ ਦੀ ਟੀਮ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕੌਂਸਲਰ ਭੱਲਾ ‘ਤੇ ਦੋਸ਼ ਹਨ ਕਿ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਸਬੰਧੀ ਉਸ ਨੂੰ ਕਾਫ਼ੀ ਜਾਣਕਾਰੀ ਸੀ ਤੇ ਜਾਂਚ ਦੌਰਾਨ ਇਸ ਮਾਮਲੇ ‘ਚ ਉਸ ਦੀ ਮਿਲੀਭੁਗਤ ਦੇ ਕਈ ਸਬੂਤ ਮਿਲੇ ਹਨ। ਭੱਲਾ ਦੀ ਗ੍ਰਿਫ਼ਤਾਰੀ ਮਗਰੋਂ ਇਕ ਵਾਰ ਮੁੜ ਕਾਂਗਰਸੀ ਨਿਸ਼ਾਨੇ ‘ਤੇ ਆ ਗਏ ਹਨ। ਜ਼ਿਕਰਯੋਗ ਹੈ ਕਿ ਟੈਂਡਰ ਘਪਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦੀ ਟੀਮ ਨੇ ਇਕ ਸੈਲੂਨ ‘ਚੋਂ ਗ੍ਰਿਫ਼ਤਾਰ ਕੀਤਾ ਸੀ ਤੇ ਕਰੀਬ 8 ਦਿਨ ਪੁਲੀਸ ਰਿਮਾਂਡ ‘ਤੇ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ। ਉਦੋਂ ਤੋਂ ਵਿਜੀਲੈਂਸ ਦੀਆਂ ਕਈ ਟੀਮਾਂ ਇਸ ਮਾਮਲੇ ਦੀ ਜਾਂਚ ‘ਚ ਲੱਗੀਆਂ ਹੋਈਆਂ ਹਨ। ਸਨੀ ਭੱਲਾ ਨੂੰ ਪਹਿਲਾਂ ਵੀ ਕਈ ਵਾਰ ਪੁੱਛ-ਪੜਤਾਲ ਲਈ ਸੱਦਿਆ ਜਾ ਚੁੱਕਿਆ ਹੈ। ਵਿਜੀਲੈਂਸ ਵੱਲੋਂ ਤਿੰਨ-ਚਾਰ ਘੰਟਿਆਂ ਦੀ ਪੁੱਛ ਪੜਤਾਲ ਮਗਰੋਂ ਕੌਂਸਲਰ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਐੱਸ.ਐੱਸ.ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਨੀ ਭੱਲਾ ਦੀ ਗ੍ਰਿਫ਼ਤਾਰੀ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ‘ਚ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਤੱਥ ਮਿਲੇ ਹਨ, ਜਿਸ ਨਾਲ ਇਹ ਕਿਹਾ ਜਾ ਸਕਦਾ ਹੈ ਕਿ ਘੁਟਾਲੇ ‘ਚ ਸਨੀ ਭੱਲਾ ਦੀ ਵੀ ਮਿਲੀਭੁਗਤ ਹੈ। ਓਧਰ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੋਏ ਟੈਂਡਰ ਘੁਟਾਲੇ ਦੇ ਮਾਮਲੇ ‘ਚ ਵੀ ਨਾਮਜ਼ਦ ਕਰ ਲਿਆ ਗਿਆ ਹੈ। ਜ਼ਿਲ੍ਹਾ ਅਦਾਲਤ ਨੇ ਆਸ਼ੂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ‘ਚ ਹੋਏ ਵੱਡੇ ਘਪਲੇ ਦੀ ਜਾਂਚ ਕਰਨ ਮਗਰੋਂ ਮੁਲਜ਼ਮ ਠੇਕੇਦਾਰ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ (ਦੋਵੇਂ ਭਰਾ) ਵਾਸੀ ਪਿੰਡ ਊਧਨੋਵਾਲ ਤੇ ਤਹਿਸੀਲ ਬਲਾਚੌਰ ਖ਼ਿਲਾਫ਼ ਵਿਜੀਲੈਂਸ ਬਿਊਰੋ ਜਲੰਧਰ ‘ਚ ਕੇਸ ਦਰਜ ਕੀਤਾ ਹੋਇਆ ਹੈ।