ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜਿਆ। ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਭਾਰਤ ਦੇ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਫਿਰ ਵੀ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲਰਾ, ਬਲਦੇਵ ਸਿੰਘ ਕਲਿਆਣ ਦੀ ਅਗਵਾਈ ਹੇਠ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੱਡੀ ਗਿਣਤੀ ‘ਚ ਇਕੱਤਰ ਹੋਈਆਂ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਡਿਪਟੀ ਕਮਿਸ਼ਨਰ ਜਲੰਧਰ ਮੌਕੇ ਤੇ ਨਾ ਮਿਲਣ ਕਾਰਨ ਐੱਸ.ਡੀ.ਐੱਮ. ਜੈਇੰਦਰ ਸਿੰਘ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਸਤਖ਼ਤ ਵਾਲਾ ਮੰਗ ਪੱਤਰ ਸੌਂਪਿਆ ਗਿਆ। ਰੋਸ ਪ੍ਰਦਰਸ਼ਨ ਦੌਰਾਨ ਸੰਗਤਾਂ ਨੇ ਰੋਸ ਵਜੋਂ ਕਾਲੇ ਦੁਪੱਟੇ ਤੇ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਤੇ ਹੱਥਾਂ ‘ਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਲਿਖੇ ਬੈਨਰ ਤੇ ਕਾਲੀਆਂ ਝੰਡੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਸਾਂਝੇ ਤੌਰ ‘ਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ। ਫਿਰ ਵੀ ਪਿਛਲੇ 75 ਸਾਲਾਂ ਤੋਂ ਭਾਰਤ ‘ਚ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਦੀ ਮਿਸਾਲ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਸਿੰਘ ਜੋ ਭਾਰਤ ਦੇ ਕਨੂੰਨ ਅਨੁਸਾਰ ਹੋਈਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਇਥੇ ਵਸਣ ਵਾਲੇ ਹਰੇਕ ਆਦਮੀ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ। ਪ੍ਰੰਤੂ ਸਿੱਖ ਕੌਮ ਪ੍ਰਤੀ ਸਰਕਾਰਾਂ ਦਾ ਰਵੱਈਆ ਨਕਾਰਾਤਮਕ ਸੋਚ ਵਾਲਾ ਹੈ। ਇਸੀ ਸਿੱਖ ਵਿਰੋਧੀ ਰਵੱਈਏ ਕਾਰਨ ਪਿਛਲੇ 30-30,35-35 ਸਾਲਾਂ ਤੋਂ ਜੇਲ੍ਹਾਂ ‘ਚ ਨਜ਼ਰਬੰਦ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ ਸਮੇਤ ਕਈ ਹੋਰ ਵੀ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਮੁੱਚੀ ਸਿੱਖ ਕੌਮ ਅੰਦਰ ਢਾਡਾ ਰੋਸ ਪਾਇਆ ਜਾ ਰਿਹਾ ਹੈ, ਜਿਹੜੀ ਕੌਮ ਦੇਸ਼ ਦੀ ਆਜ਼ਾਦੀ ਦੀ ਖ਼ਾਤਰ ਆਪਣੀਆਂ ਜਾਨਾਂ ਵਾਰ ਕੇ ਫਾਂਸੀਆਂ ਤੇ ਚੜ੍ਹ ਕੇ ਸ਼ਹੀਦ ਹੋਈ ਹੋਵੇ। ਜਿਹੜੀ ਕੌਮ ਦੀ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਭਾਰਤੀ ਫੌਜ ਵਿਚ ਭਰਤੀ ਹੋ ਕੇ, ਦੇਸ਼ ਦੀਆਂ ਸਰਹੱਦਾਂ ਤੇ ਆਪਣੀਆਂ ਜਾਨਾਂ ਵਾਰ ਕੇ ਰਾਖੀ ਕੀਤੀ ਹੋਵੇ, ਦੇਸ਼ ਵਿਚ ਵਾਪਰੀ ਕਿਸੇ ਵੀ ਤਰ੍ਹਾਂ ਦੀ ਦੁਖਦ ਘਟਨਾਵਾਂ ਸਮੇਂ ਸਮੁੱਚੇ ਦੇਸ਼ ਵਾਸੀਆਂ ਦੇ ਨਾਲ ਖੜ੍ਹੇ ਹੋ ਕੇ, ਉਨ੍ਹਾਂ ਦੇਸ਼ ਵਾਸੀਆਂ ਦੀ ਮਦੱਦ ਕੀਤੀ ਹੋਵੇ ਜਾਂ ਪਿਛਲੇ ਸਮੇਂ ਫੈਲੀ ਭਿਆਨਕ ਕਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਨੂੰ ਜੋਖ਼ਮ ‘ਚ ਪਾ ਕੇ ਦੇਸ਼ ਦੀ ਗਲੀ ਗਲੀ,ਪਿੰਡ-ਪਿੰਡ ਸ਼ਹਿਰ-ਸ਼ਹਿਰ, ਗੁਰਦੁਆਰਿਆਂ ਸਾਹਿਬਾਨ ਅੰਦਰ ਅਤੇ ਹਸਪਤਾਲਾਂ ਅੰਦਰ ਹਰ ਤਰ੍ਹਾਂ ਦੇ ਲੰਗਰ ਪ੍ਰਸ਼ਾਦੇ ਛਕਾਉਣ ਦੀ ਸੇਵਾ ਅਤੇ ਆਕਸੀਜਨ ਦੇ ਲੰਗਰ ਲਗਾ ਕੇ ਲੱਖਾਂ ਲੋਕਾਂ ਦੀ ਜਾਨਾਂ ਬਚਾਉਣ ਵਾਲੀ,ਉੱਚੇ ਸੁੱਚੇ ਸਿਧਾਂਤਾਂ ਵਾਲੀ ਸਿੱਖ ਕੌਮ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਵਿਸਾਰ ਕੇ, ਸਿੱਖਾਂ ਨੂੰ ਦੂਸਰੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੈਂਬਰ ਸਾਹਿਬਾਨ ਨੇ ਹੋਰ ਕਿਹਾ ਕਿ ਇਕ ਪਾਸੇ ਦੇਸ਼ ਅਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਹੈ ਅਤੇ ਦੂਜੇ ਪਾਸੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਅਧਿਕਾਰਾਂ ਤੋਂ ਵਾਂਝਿਆਂ ਰੱਖਿਆ ਹੋਇਆ ਹੈ। ਜੋ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਤੁਹਾਡੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪ੍ਰੰਤੂ ਅੱਜ ਤੱਕ ਇਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ ਕਿ ਭਾਰਤ ਦੇ ਕਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਇਨ੍ਹਾਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸਿੱਖ ਕੌਮ ਨਾਲ ਇਨਸਾਫ਼ ਕੀਤਾ ਜਾਵੇ।