‘ਤੋਸ਼ਾਖਾਨਾ ਕੇਸ’ ਵਿੱਚ ਪਾਕਿਸਤਾਨ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪੰਜ ਸਾਲਾਂ ਲਈ ਅਯੋਗ ਕਰਾਰ ਦਿੱਤਾ ਹੈ। ਉਨ੍ਹਾਂ ‘ਤੇ ਵਿਦੇਸ਼ੀ ਨੇਤਾਵਾਂ ਤੋਂ ਪ੍ਰਾਪਤ ਤੋਹਫ਼ਿਆਂ ਦੀ ਵਿਕਰੀ ਤੋਂ ਪ੍ਰਾਪਤ ਆਮਦਨ ਲੁਕਾਉਣ ਦਾ ਦੋਸ਼ ਸੀ। ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਾਜਾ ਦੀ ਅਗਵਾਈ ਵਾਲੇ ਚਾਰ ਮੈਂਬਰੀ ਬੈਂਚ ਦੇ ਇਸ ਫ਼ੈਸਲੇ ਮਗਰੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਮੁਖੀ ਇਮਰਾਨ ਖ਼ਾਨ ਪੰਜ ਸਾਲਾਂ ਤੱਕ ਸੰਸਦ ਮੈਂਬਰ ਨਹੀਂ ਬਣ ਸਕਦੇ। ਇਹ ਫ਼ੈਸਲਾ ਪੰਜ ਮੈਂਬਰੀ ਬੈਂਚ ਵੱਲੋਂ ਸਰਬਸੰਮਤੀ ਨਾਲ ਲਿਆ ਗਿਆ। ਹਾਲਾਂਕਿ ਫ਼ੈਸਲੇ ਦੇ ਐਲਾਨ ਸਮੇਂ ਬੈਂਚ ਦੇ ਪੰਜਾਬ ਤੋਂ ਮੈਂਬਰ ਹਾਜ਼ਰ ਨਹੀਂ ਸਨ। ਦੱਸਣਯੋਗ ਹੈ ਕਿ ਸੱਤਾਧਾਰੀ ਗੱਠਜੋੜ ਸਰਕਾਰ ਦੇ ਸੰਸਦ ਮੈਂਬਰਾਂ ਨੇ ਅਗਸਤ ਮਹੀਨੇ ਇਮਰਾਨ ਖ਼ਾਨ ਖ਼ਿਲਾਫ਼ ਪਾਕਿਸਤਾਨ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ‘ਚ ਤੋਸ਼ਾਖਾਨਾ ਵਿੱਚੋਂ ਰਿਆਇਤੀ ਭਾਅ ‘ਤੇ ਖਰੀਦੇ ਗਏ ਤੋਹਫਿਆਂ ਦੀ ਵਿਕਰੀ ਤੋਂ ਹੋਈ ਆਮਦਨ ਦਾ ਖੁਲਾਸਾ ਨਾ ਕਰਨ ਨੂੰ ਲੈ ਕੇ ਇਮਰਾਨ ਖ਼ਾਨ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਗਈ ਸੀ। ਮਾਮਲੇ ਦੀ ਸੁਣਵਾਈ ਮਗਰੋਂ ਚੋਣ ਕਮਿਸ਼ਨ ਨੇ 19 ਸਤੰਬਰ ਨੂੰ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਚੋਣ ਕਮਿਸ਼ਨ ਦੇ ਬੈਂਚ ਨੇ ਸਰਬਸੰਮਤੀ ਨਾਲ ਫ਼ੈਸਲਾ ਸੁਣਾਇਆ ਕਿ ਇਮਰਾਨ ਖ਼ਾਨ ਭ੍ਰਿਸ਼ਟਾਚਾਰ ‘ਚ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਸੰਸਦ ਦੇ ਮੈਂਬਰ ਵਜੋਂ ਅਯੋਗ ਕਰਾਰ ਦੇ ਦਿੱਤਾ। ਬੈਂਚ ਨੇ ਇਹ ਵੀ ਕਿਹਾ ਕਿ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕਾਰਵਾਈ ਵੀ ਕੀਤੀ ਜਾਵੇਗੀ।