ਇੰਡੀਆ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਇਕ ਮੰਗ ਪੱਤਰ ਦੇ ਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਪ ਰਾਸ਼ਟਰਪਤੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਣ ਉਪਰੰਤ ਕੁਝ ਦੇਰ ਗੁਰਬਾਣੀ ਦਾ ਕੀਰਤਨ ਵੀ ਸੁਣਿਆ। ਉਨ੍ਹਾਂ ਗੁਰੂ ਘਰ ਵਿਖੇ ਪਰਿਵਾਰ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕੀਤੀ ਅਤੇ ਦੇਸ਼ ਹਿੱਤ ਲਈ ਅਰਦਾਸ ਵੀ ਕੀਤੀ। ਇਸ ਤੋਂ ਪਹਿਲਾਂ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ ਜਿੱਥੇ ਉਨ੍ਹਾਂ ਨੇ ਪੰਗਤ ‘ਚ ਬੈਠ ਕੇ ਆਪਣੇ ਪਰਿਵਾਰ ਨਾਲ ਪ੍ਰਸ਼ਾਦਾ ਛਕਿਆ ਅਤੇ ਬਾਅਦ ‘ਚ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਦੁਸ਼ਾਲਾ, ਸਿਰੋਪਾਓ ਆਦਿ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦੁਸ਼ਾਲਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਨੌਂ ਬੰਦੀ ਸਿੱਖਾਂ ਦੀ ਇਕ ਸੂਚੀ ਵੀ ਦਿੱਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਬੰਦੀ ਸਿੱਖ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਹਨ ਪਰ ਉਸ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਦੌਰਾਨ ਉਪ ਰਾਸ਼ਟਰਪਤੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਸਬੰਧੀ ਆਪਣੇ ਅਨੁਭਵ ਬਾਰੇ ਲਿਖਿਆ ਕਿ ਉਨ੍ਹਾਂ ਨੂੰ ਗੁਰੂਘਰ ਵਿਖੇ ਨਤਮਸਤਕ ਹੋ ਕੇ ਰੂਹਾਨੀ ਸ਼ਾਂਤੀ ਮਿਲੀ ਹੈ। ਮਗਰੋਂ ਉਹ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।