ਕਿਸੇ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਤਿ ਨਜ਼ਦੀਕੀ ਸਾਥੀਆਂ ‘ਚ ਰਹੇ ਕਮਲਜੀਤ ਸਿੰਘ ਬਰਾੜ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ‘ਚੋਂ ਕੱਢ ਦਿੱਤਾ ਹੈ। ਜਗਰਾਉਂ ਅਤੇ ਬਾਘਾ ਪੁਰਾਣਾ ਤੋਂ ਵਿਧਾਇਕ ਰਹਿ ਚੁੱਕੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਅਤੇ ਯੂਥ ਕਾਂਗਰਸ ‘ਚ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੇ ਕਮਲ ਬਰਾੜ ਨੂੰ ਪਾਰਟੀ ਨੀਤੀ ਦੇ ਉਲਟ ਜਾ ਕੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨੀ ਅਤੇ ਸਿੱਖ ਮੁੱਦਿਆਂ ‘ਤੇ ਖੁੱਲ੍ਹ ਕੇ ਬੋਲਣ ਦਾ ਖਮਿਆਜ਼ਾ ਭੁਗਤਣਾ ਪਿਆ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਬਿਆਨ ਦੇਣਾ ਵੀ ਉਸ ਨੂੰ ਮਹਿੰਗਾ ਪਿਆ ਹੈ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦੇ ਦਸਤਖ਼ਤਾਂ ਹੇਠ ਪੱਤਰ ਜਾਰੀ ਹੋਣ ਤੋਂ ਬਾਅਦ ਬਰਾੜ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੰਸਦ ਮੈਂਬਰ ਰਬਨੀਤ ਬਿੱਟੂ ਨੇ ਵੀ ਪ੍ਰੈਸ ਕਾਨਫਰੰਸ ਰਾਹੀਂ ਕਮਲਜੀਤ ਸਿੰਘ ਬਰਾੜ ਨੂੰ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਨ ਲਈ ਚਿਤਾਵਨੀ ਦਿੱਤੀ ਸੀ ਪਰ ਉਦੋਂ ਕਮਲਜੀਤ ਸਿੰਘ ਬਰਾੜ ਨੇ ਕਿਹਾ ਸੀ ਕਿ ਪਾਰਟੀ ਵੱਖਰੀ ਹੈ, ਪੰਥ ਵੱਖਰਾ। ਪਾਰਟੀ ਵੱਲੋਂ ਵਾਰ-ਵਾਰ ਚਿਤਾਵਨੀਆਂ ਦੇਣ ਦੇ ਬਾਵਜੂਦ ਕਮਲਜੀਤ ਸਿੰਘ ਬਰਾੜ ਨੇ ਸਿੱਖ ਆਗੂ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਨਾ ਬੰਦ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ੀ ਠਹਿਰਾਉਂਦੇ ਹੋਏ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ। ਹਾਲਾਂਕਿ ਪਾਰਟੀ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਪੱਤਰ ‘ਚ ਤਕਨੀਕੀ ਕਮੀਆਂ ਹਨ। ਕਮਲਜੀਤ ਸਿੰਘ ਨੂੰ ਪਾਰਟੀ ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਦੱਸਿਆ ਗਿਆ ਹੈ, ਜਦਕਿ ਉਹ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਹੀਂ ਹਨ। ਵਿਧਾਨ ਸਭਾ ਚੋਣਾਂ ਦੌਰਾਨ ਜਿਨ੍ਹਾਂ ਜ਼ਿਲ੍ਹਿਆਂ ‘ਚ ਪਾਰਟੀ ਦਾ ਕੋਈ ਜ਼ਿਲ੍ਹਾ ਪ੍ਰਧਾਨ ਨਹੀਂ ਸੀ, ਉਨ੍ਹਾਂ ਨੂੰ ਤਤਕਾਲੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜ਼ਿਲ੍ਹਾ ਇੰਚਾਰਜ ਬਣਾਇਆ ਸੀ। ਕਮਲਜੀਤ ਸਿੰਘ ਬਰਾੜ ਨੂੰ ਜ਼ਿਲ੍ਹਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਸੀ।