ਡੇਰਾ ਸੱਚਖੰਡ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਰੱਖਿਆ। ਉਨ੍ਹਾਂ ਕੇਂਦਰ ‘ਤੇ ਕੰਮ ਸ਼ਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਨੂੰ ਸੌਂਪੀ। ਦੋਵੇਂ ਆਗੂਆਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰੇ ਦੇ ਮੁਖੀ ਸੰਤ ਨਿਰੰਜਨ ਦਾਸ ਤੋਂ ਆਸ਼ੀਰਵਾਦ ਲਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਮੇਂ ਅੰਮ੍ਰਿਤਪਾਲ ਸਿੰਘ ਦਾ ਨਾਂਅ ਲਏ ਬਗ਼ੈਰ ਕਿਹਾ ਕਿ ਪੰਜਾਬ ‘ਚ ਕੁਝ ਲੋਕ ਪਿਛਲੇ ਦਿਨਾਂ ਤੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਕਿਸੇ ਵੀ ਹਾਲਤ ‘ਚ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਨੂੰ ਕਈ ਵਾਰ ਸਖ਼ਤ ਫ਼ੈਸਲੇ ਲੈਣੇ ਪੈਂਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਕੁਝ ਸਖ਼ਤ ਫੈਸਲੇ ਵੀ ਲਏ ਹਨ। ਉਨ੍ਹਾਂ ਖ਼ੂਨ-ਖਰਾਬੇ ਤੋਂ ਬਗ਼ੈਰ ਪੰਜਾਬ ਦਾ ਮਾਹੌਲ ਠੀਕ ਰੱਖਿਆ ਹੋਇਆ। ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬ ‘ਚੋਂ ਦੌੜ ਰਹੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਐਨ ਕਰਨ ਲਈ ਮੀਲ ਪੱਥਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ‘ਚ ਪ੍ਰਚਾਰਨ ‘ਚ ਵੀ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਡੇ-ਵੱਡੇ ਦਮਗਜ਼ੇ ਮਾਰਨ ‘ਚ ਵਿਸ਼ਵਾਸ ਨਹੀਂ ਰੱਖਦੇ, ਸਗੋਂ ਸਮਾਜ ਲਈ ਜੋ ਚੰਗਾ ਹੋਵੇ, ਉਹ ਕੰਮ ਕਰਦੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਇਸ ਵੱਕਾਰੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਡਿਪਟੀ ਕਮਿਸ਼ਨਰ ਦੇ ਖਾਤੇ ‘ਚ ਪੈਸੇ ਤਬਦੀਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਵੱਲੋਂ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਦੀ ਖਰੀਦ ਸਮੇਤ ਕੇਂਦਰ ਦੇ ਵਿਕਾਸ ਸਬੰਧੀ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਦੁਹਰਾਇਆ, ‘ਪੰਜਾਬ ‘ਚ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ, ਨਾ ਕਿ ਹਥਿਆਰ।’ ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਰਾਘਵ ਚੱਢਾ ਅਤੇ ਹੋਰ ਆਗੂ ਹਾਜ਼ਰ ਸਨ।