ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ‘ਆਪ’ ਪਾਰਟੀ ਦੇ ਵਜ਼ੀਰਾਂ ਦੀ ਤੁਲਨਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਕਰਨ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮੰਤਰੀ ਸਤਿੰਦਰ ਜੈਨ ਅਜੋਕੇ ਦੌਰ ਦੇ ਭਗਤ ਸਿੰਘ ਹਨ। ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਆਬਕਾਰੀ ਨੀਤੀ ‘ਚ ਸਿਸੋਦੀਆ ਤੋਂ ਪੁੱਛਗਿੱਛ ਕਰ ਰਹੀ ਹੈ ਜਦਕਿ ਦੂਜੇ ਪਾਸੇ ਈ.ਡੀ. ਨੇ ਜੈਨ ਨੂੰ ਗ੍ਰਿਫ਼ਤਾਰ ਕੀਤਾ ਸੀ। ਕਾਂਗਰਸ ਕਿਸਾਨ ਸੈੱਲ ਦੇ ਕੌਮੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਟਵੀਟ ਕਰ ਕੇ ਅਰਵਿੰਦ ਕੇਜਰੀਵਾਲ ਨੂੰ ਦੇਸ਼ ਤੋਂ ਮੁਆਫ਼ੀ ਮੰਗਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਬਰਾਬਰੀ ਨਹੀਂ ਕੀਤੀ ਜਾ ਸਕਦੀ ਅਤੇ ਅਰਵਿੰਦ ਕੇਜਰੀਵਾਲ ਨੇ ਤਾਂ ਬਿਕਰਮ ਮਜੀਠੀਆ ਕੋਲੋਂ ਮੁਆਫ਼ੀ ਮੰਗ ਲਈ ਸੀ। ‘ਆਪ’ ਆਗੂ ਸਾਵਰਕਰ ਤਾਂ ਹੋ ਸਕਦੇ ਹਨ ਪਰ ਸ਼ਹੀਦ ਭਗਤ ਸਿੰਘ ਨਹੀਂ ਹੋ ਸਕਦੇ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਮੁਨੀਸ਼ ਜਿਹੇ ਦਾਗੀ ਦੀ ਸ਼ਹੀਦ ਭਗਤ ਸਿੰਘ ਨਾਲ ਤੁਲਨਾ ਕਰ ਕੇ ਸ਼ਹੀਦ-ਏ-ਆਜ਼ਮ ਦਾ ਅਪਮਾਨ ਕੀਤਾ ਹੈ, ਜਿਸ ਕਰ ਕੇ ਕੇਜਰੀਵਾਲ ਨੂੰ ਇੰਡੀਆ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਸੀ, ‘ਜੇਲ੍ਹ ਦੀਆਂ ਸਲਾਖਾਂ ਅਤੇ ਫਾਂਸੀ ਦਾ ਫੰਦਾ ਭਗਤ ਸਿੰਘ ਦੇ ਇਰਾਦਿਆਂ ਨੂੰ ਕਮਜ਼ੋਰ ਨਹੀਂ ਸੀ ਕਰ ਸਕਿਆ। ਇਹ ਆਜ਼ਾਦੀ ਦੀ ਦੂਜੀ ਲੜਾਈ ਹੈ।’