ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਫਰੀਦਕੋਟ ਅਦਾਲਤ ‘ਚ ਇਸ ਸਬੰਧੀ ਪੇਸ਼ ਕੀਤੀ ਗਈ ਚਾਰਜਸ਼ੀਟ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਤੇ ਹੋਰਨਾਂ ਨੂੰ 23 ਮਾਰਚ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹੋਏ ਹਨ। ਇਸੇ ਸੰਦਰਭ ‘ਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ‘ਤੇ ਸੁਣਵਾਈ 14 ਮਾਰਚ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 24 ਫਰਵਰੀ ਨੂੰ ਕੋਟਕਪੂਰਾ ਮਾਮਲੇ ‘ਚ ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ‘ਸਿਟ’ ਨੇ ਫਰੀਦਕੋਟ ਦੀ ਅਦਾਲਤ ‘ਚ 7 ਹਜ਼ਾਰ ਪੰਨਿਆ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ ਜਿਸ ‘ਚ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਦੱਸਿਆ ਗਿਆ ਸੀ, ਜਿਸ ‘ਤੇ ਜ਼ਿਲ੍ਹਾ ਮੈਜਿਸਟਰੇਟ ਦੀ ਅਦਾਲਤ ਨੇ ਬਾਦਲਾਂ ਸਮੇਤ ਬਾਕੀ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਨ੍ਹਾਂ ਮੁਲਜ਼ਮਾਂ ‘ਚ ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਤੋਂ ਇਲਾਵਾ ਪਰਮਰਾਜ ਉਮਰਾਨੰਗਲ, ਚਰਨਜੀਤ ਸ਼ਰਮਾ ਤੇ ਹੋਰ ਸ਼ਾਮਲ ਹਨ।