ਫਰੀਦਕੋਟ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜਿੰਨਾ ਚਿਰ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਹੋ ਕੇ ਚਲਾਨ ਅਦਾਲਤ ‘ਚ ਪੇਸ਼ ਨਹੀਂ ਹੁੰਦਾ ਓਨਾ ਚਿਰ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਵੀ ਅੱਗੇ ਨਹੀਂ ਤੁਰੇਗੀ। ਦੱਸਣਯੋਗ ਹੈ ਕਿ ਬਹਿਬਲ ਗੋਲੀ ਕਾਂਡ ਦੇ ਮੁਲਜ਼ਮਾਂ ਨੇ ਚਾਰਜਸ਼ੀਟ ਰੱਦ ਕਰਵਾਉਣ ਲਈ ਹਾਈ ਕੋਰਟ ‘ਚ ਰਿੱਟ ਦਾਇਰ ਕੀਤੀ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਰਿੱਟ ਦਾ ਨਿਪਟਾਰਾ ਕਰਦਿਆਂ ਮੁਲਜ਼ਮਾਂ ਨੂੰ ਫਰੀਦਕੋਟ ਅਦਾਲਤ ‘ਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਕਿਹਾ ਸੀ ਅਤੇ ਇਸ ਦੇ ਨਾਲ ਹੀ ਫ਼ਰੀਦਕੋਟ ਦੀ ਅਦਾਲਤ ਨੇ ਆਦੇਸ਼ ਦਿੱਤੇ ਸਨ ਕਿ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਇੱਕੋ ਦਿਨ ਕੀਤੀ ਜਾਵੇ ਪਰੰਤੂ ਕੋਟਕਪੂਰਾ ਗੋਲੀ ਕਾਂਡ ‘ਚ ਅਜੇ ਤੱਕ ਚਲਾਨ ਅਦਾਲਤ ‘ਚ ਪੇਸ਼ ਵੀ ਨਹੀਂ ਹੋ ਸਕਿਆ। ਪਿਛਲੀ ਤਰੀਕ ‘ਤੇ ਅਦਾਲਤ ਨੇ ਜਾਂਚ ਟੀਮ ਨੂੰ ਕੋਟਕਪੂਰਾ ਗੋਲੀ ਕਾਂਡ ‘ਚ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜਾਂਚ ਟੀਮ ਨੇ ਸਟੇਟਸ ਰਿਪੋਰਟ ਅਦਾਲਤ ‘ਚ ਪੇਸ਼ ਕਰ ਦਿੱਤੀ ਹੈ। ਜਾਂਚ ਟੀਮ ਨੇ ਕਿਹਾ ਹੈ ਕਿ ਅਜੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁਕੰਮਲ ਹੋਣ ‘ਚ ਕੁਝ ਮਹੀਨੇ ਲੱਗ ਸਕਦੇ ਹਨ। ਪੰਜਾਬ ਸਰਕਾਰ ਨੇ ਅਦਾਲਤ ਨੂੰ ਕਿਹਾ ਸੀ ਕਿ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਕੀਤੀ ਜਾਵੇ ਪਰੰਤੂ ਅਦਾਲਤ ਨੇ ਇਸ ਮਾਮਲੇ ‘ਤੇ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਸੁਣਵਾਈ ਦੌਰਾਨ ਡੀ.ਜੀ.ਪੀ. ਸੁਮੇਧ ਸੈਣੀ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ ਜਦੋਂਕਿ ਬਾਕੀ ਸਾਰੇ ਮੁਲਜ਼ਮ ਅਦਾਲਤ ‘ਚ ਹਾਜ਼ਰ ਸਨ। ਇਸੇ ਦੌਰਾਨ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫੋਰੈਂਸਿਕ ਮਾਹਿਰਾਂ ਦੀ ਟੀਮ ਨਾਲ ਕੋਟਕਪੂਰਾ ਗੋਲੀ ਕਾਂਡ ਵਾਲੀ ਥਾਂ ਦਾ ਦੌਰਾ ਕੀਤਾ। ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਨਵੀਂ ਜਾਂਚ ਟੀਮ ਗਠਿਤ ਕੀਤੀ ਗਈ ਸੀ ਜਿਸ ਦੀ ਅਗਵਾਈ ਐੱਲ.ਕੇ. ਯਾਦਵ ਕਰ ਰਹੇ ਹਨ। ਅਦਾਲਤ ਦੇ ਹੁਕਮ ਤੋਂ 15 ਮਹੀਨੇ ਬਾਅਦ ਵੀ ਕੋਟਕਪੂਰਾ ਕਾਂਡ ਦੀ ਜਾਂਚ ਮੁਕੰਮਲ ਨਹੀਂ ਹੋ ਸਕੀ ਜਿਸ ਦਾ ਸਿੱਧਾ ਪ੍ਰਭਾਵ ਹੁਣ ਬਹਿਬਲ ਗੋਲੀ ਕਾਂਡ ਉੱਪਰ ਪੈਣਾ ਸ਼ੁਰੂ ਹੋ ਗਿਆ ਹੈ।