ਵਿਸ਼ੇਸ਼ ਜਾਂਚ ਟੀਮ (ਸਿਟ), ਜਿਹਡ਼ੀ ਕੋਟਕਪੂਰਾ ਗੋਲੀ ਕਾਂਡ ਦੀ ਪਡ਼ਤਾਲ ਕਰ ਰਹੀ ਹੈ, ਨੇ ਇਸ ਕੇਸ ਦੀ ਸਟੇਟਸ ਰਿਪੋਰਟ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਰਾਜੀਵ ਕਾਲਡ਼ਾ ਦੀ ਅਦਾਲਤ ’ਚ ਪੇਸ਼ ਕਰ ਦਿੱਤੀ ਹੈ। ਜਾਂਚ ਟੀਮ ਦੀ ਮੰਗ ’ਤੇ ਅਦਾਲਤ ਨੇ ਇਸ ਸਟੇਟਸ ਰਿਪੋਰਟ ਨੂੰ ਗੁਪਤ ਰੱਖਣ ਦੇ ਆਦੇਸ਼ ਦਿੱਤੇ ਹਨ ਅਤੇ ਇਹ ਰਿਪੋਰਟ 20 ਅਗਸਤ ਨੂੰ ਜਨਤਕ ਹੋ ਸਕਦੀ ਹੈ। ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਗੁਲਨੀਤ ਸਿੰਘ ਖੁਰਾਣਾ ਨੇ ਖ਼ੁਦ ਅਦਾਲਤ ’ਚ ਪੇਸ਼ ਹੋ ਕੇ ਇਹ ਰਿਪੋਰਟ ਸੌਂਪੀ। ਜਾਣਕਾਰੀ ਅਨੁਸਾਰ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਜੇਕਰ ਸਟੇਟਸ ਰਿਪੋਰਟ ਹੁਣੇ ਜਨਤਕ ਹੁੰਦੀ ਹੈ ਤਾਂ ਇਸ ਨਾਲ ਕੋਟਕਪੂਰਾ ਗੋਲੀ ਕਾਂਡ ਦੀ ਪਡ਼ਤਾਲ ਉਤੇ ਅਸਰ ਪੈ ਸਕਦਾ ਹੈ। ਦੱਸਣਯੋਗ ਹੈ ਕਿ ਫਰੀਦਕੋਟ ਦੀ ਅਦਾਲਤ ਨੇ 13 ਜੁਲਾਈ ਨੂੰ ਆਪਣੇ ਹੁਕਮ ’ਚ ਜਾਂਚ ਟੀਮ ਨੂੰ ਕਿਹਾ ਸੀ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਟੇਟਸ ਰਿਪੋਰਟ ਅਦਾਲਤ ’ਚ ਪੇਸ਼ ਕੀਤੀ ਜਾਵੇ। 20 ਅਗਸਤ ਨੂੰ ਇਥੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਵੀ ਹੋਣੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ ਨੂੰ ਆਪਣੇ ਹੁਕਮ ’ਚ ਕਿਹਾ ਸੀ ਕਿ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਕੇਸਾਂ ਦੀ ਸੁਣਵਾਈ ਇਕੱਠੀ ਕੀਤੀ ਜਾਵੇ। ਜਦਕਿ ਕੋਟਕਪੂਰਾ ਗੋਲੀ ਕਾਂਡ ’ਚ ਅਜੇ ਤੱਕ ਚਲਾਨ ਵੀ ਅਦਾਲਤ ’ਚ ਪੇਸ਼ ਨਹੀਂ ਹੋਇਆ। ਇਸ ਕਰ ਕੇ ਅਦਾਲਤ ਨੇ ਜਾਂਚ ਟੀਮ ਤੋਂ ਸਟੇਟਸ ਰਿਪੋਰਟ ਮੰਗੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਅਰਜ਼ੀ ਦਾਇਰ ਕਰ ਕੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਇਕੱਠਿਆਂ ਕਰਨ ਬਾਰੇ ਹੋਰ ਦਿਸ਼ਾ-ਨਿਰਦੇਸ਼ਾਂ ਦੀ ਮੰਗ ਕੀਤੀ ਹੈ। ਇਸ ਅਰਜ਼ੀ ਉਤੇ ਅਗਲੇ ਹਫ਼ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।