ਇੰਡੀਆ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਤੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਦੇ ਦਰਸ਼ਨ ਵੀ ਕੀਤੇ। ਕੇਂਦਰੀ ਮੰਤਰੀ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਕੇ ਪੰਜਾਬ ਦੇ ਮਸਲਿਆਂ ਬਾਰੇ ਚਰਚਾ ਕੀਤੀ। ਸ਼ੇਖਾਵਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਤਹਿਤ ਇਥੇ ਤਖ਼ਤ ਸਾਹਿਬ ਵਿਖੇ ਲਗਾਏ ਗਏ ਕਾਊਂਟਰ ‘ਤੇ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਹਲਫ਼ਨਾਮੇ ‘ਤੇ ਦਸਤਖਤ ਕੀਤੇ। ਭਾਜਪਾ ਆਗੂਆਂ ਤੇ ਵਰਕਰਾਂ ਨੇ ਕੇਂਦਰੀ ਮੰਤਰੀ ਦਾ ਇਥੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਸ਼ੇਖਾਵਤ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਕਾਰਕੁਨਾਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਦੇ ਏਜੰਡਿਆਂ ਦੀ ਗੱਲ ਕਰਦਿਆਂ ਵਰਕਰਾਂ ਨੂੰ ਹੁਣੇ ਤੋਂ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਕਰਨ ਦੀ ਅਪੀਲ ਕੀਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਹੇਠਲੇ ਪੱਧਰ ‘ਤੇ ਮਜ਼ਬੂਤ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਟਿੰਗ ਮਗਰੋਂ ਸ਼ੇਖਾਵਤ ਗੁਰਦੁਆਰਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਮੱਥਾ ਟੇਕਣ ਗਏ। ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਕਾਕਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮਗਰੋਂ ਕੇਂਦਰੀ ਮੰਤਰੀ ਪਿੰਡ ਮਾਹੀਨੰਗਲ ਦੇ ਗਰੀਬ ਪਰਿਵਾਰ ਨਾਲ ਸਬੰਧਤ ਸਾਬਕਾ ਸਰਪੰਚ ਹਰਦੀਪ ਸਿੰਘ ਦੇ ਘਰ ਪਹੁੰਏ, ਜਿੱਥੇ ਉਨ੍ਹਾਂ ਦੁਪਹਿਰ ਦਾ ਖਾਣਾ ਖਾਧਾ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਘੇਰਿਆ। ਹਰਸਿਮਰਤ ਨੇ ਟਵੀਟ ਕਰਦਿਆਂ ਕਿਹਾ, ‘ਤੁਸੀਂ ਪੰਜਾਬ ਆ ਕੇ ਪੰਜਾਬ ਹਿਤੈਸ਼ੀ ਬਣਨ ਦੀਆਂ ਗੱਲਾਂ ਕਰਦੇ ਹੋ ਤਾਂ ਫਿਰ ਜੋ ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿੱਚੋਂ, ਜੋ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਝਾਂਕੀ (ਜਿਸ ਰਾਹੀਂ ਸੂਬੇ ਦੀ ਵਿਰਾਸਤ ਅਤੇ ਕੁਰਬਾਨੀਆਂ ਦਾ ਪ੍ਰਚਾਰ ਹੋਣਾ ਸੀ) ਨੂੰ ਰੱਦ ਕੀਤਾ ਗਿਆ, ਉਸ ਖ਼ਿਲਾਫ਼ ਉਥੇ ਕਿਉਂ ਨਹੀਂ ਬੋਲੇ?’