ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਗੈਂਗਵਾਰ ਹੋ ਸਕਦੀ ਹੈ। ਸਿੱਧੂ ਮੂਸੇਵਾਲਾ ਕਤਲ ਲਈ ਜ਼ਿੰਮੇਵਾਰ ਸਮਝੇ ਜਾਂਦੇ ਅਤੇ ਇਸ ਸਮੇਂ ਪੁਲੀਸ ਹਿਰਾਸਤ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ‘ਤੇ ਹਮਲਾ ਹੋ ਸਕਦਾ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਬਾਰੇ ਅਲਰਟ ਕੀਤਾ ਹੈ। ਇਸ ‘ਚ ਕਿਹਾ ਗਿਆ ਹੈ ਕਿ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਵੱਡੀ ਪਲਾਨਿੰਗ ਦੀ ਤਿਆਰੀ ਕਰ ਰਿਹਾ ਹੈ। ਬੰਬੀਹਾ ਗੈਂਗ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ‘ਤੇ ਅਦਾਲਤੀ ਪੇਸ਼ੀ ਦੌਰਾਨ ਹਮਲਾ ਕਰ ਸਕਦਾ ਹੈ। ਇਹ ਵੀ ਖ਼ਬਰਾਂ ਹਨ ਕਿ ਦੋਵਾਂ ਦੀ ਪੁਲੀਸ ਹਿਰਾਸਤ ‘ਚ ਮੌਤ ਹੋ ਸਕਦੀ ਹੈ। ਇਸ ਸਬੰਧੀ ਕੇਂਦਰ ਸਰਕਾਰ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਗੁਪਤ ਸੂਚਨਾ ਭੇਜੀ ਹੈ। ਇਸ ਤੋਂ ਬਾਅਦ ਪੰਜਾਬ ‘ਚ ਵੱਡੀ ਗੈਂਗ ਵਾਰ ਦਾ ਖ਼ਤਰਾ ਪੈਦਾ ਹੋ ਗਿਆ ਹੈ। ਕੇਂਦਰ ਦੇ ਗ੍ਰਹਿ ਵਿਭਾਗ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਇਕ ਪੱਤਰ ਰਾਹੀਂ ਸੁਚੇਤ ਕੀਤਾ ਹੈ। ਸੂਤਰਾਂ ਅਨੁਸਾਰ ਇਸ ਪੱਤਰ ‘ਚ ਕਿਹਾ ਗਿਆ ਹੈ ਕਿ ਭਰੋਸੇਯੋਗ ਸੂਚਨਾਵਾਂ ਅਨੁਸਾਰ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਅਦਾਲਤੀ ਕਾਰਵਾਈ ਦੌਰਾਨ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ‘ਤੇ ਜਾਨਲੇਵਾ ਹਮਲਾ ਕਰਨ ਦੀ ਤਿਆਰੀ ਕਰ ਰਹੇ ਹਨ। ਲਾਰੈਂਸ ਤੇ ਜੱਗੂ ਭਗਵਾਨਪੁਰੀਆ ਇਸ ਸਮੇਂ ਪੰਜਾਬ ਪੁਲੀਸ ਦੀ ਹਿਰਾਸਤ ‘ਚ ਹਨ। ਉਸ ਤੋਂ ਮੂਸੇਵਾਲਾ ਕਤਲ ਕੇਸ ‘ਚ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਗੁਪਤ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੋਵਾਂ ਗੈਂਗਸਟਰਾਂ ਦੀ ਸੁਰੱਖਿਆ ਨੂੰ ਲੈ ਕੇ ਚੌਕਸ ਹੋ ਗਈ ਹੈ।