ਇੰਡੀਆ ਸਰਕਾਰ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕੈਨੇਡਾ ‘ਚ ਵਧ ਰਹੇ ਅਪਰਾਧਾਂ ਅਤੇ ਇੰਡੀਆ ਵਿਰੋਧੀ ਗਤੀਵਿਧੀਆਂ ਦੀਆਂ ਤਾਜ਼ਾ ਘਟਨਾਵਾਂ ਦਰਮਿਆਨ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ ‘ਚ ਵਾਧਾ ਹੋਇਆ ਹੈ। ਇੰਡੀਆ ਨੇ ਸ਼ੁੱਕਰਵਾਰ ਨੂੰ ਕੈਨੇਡਾ ‘ਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇੰਡੀਆ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਅਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ। ਕੈਨੇਡਾ ‘ਚ ਨਫ਼ਰਤੀ ਤੇ ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਇਸ ਮਾਮਲੇ ‘ਚ ਚੌਕਸ ਰਹਿਣ ਲਈ ਕਿਹਾ ਹੈ। ਐਡਵਾਈਜ਼ਰੀ ‘ਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ‘ਚ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਔਟਵਾ ‘ਚ ਇੰਡੀਆ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ‘ਚ ਇੰਡੀਆ ਦੇ ਕੌਂਸਲੇਟ ਜਨਰਲ ਕੋਲ ਆਪਣੀਆਂ ਸ਼ਿਕਾਇਤਾਂ ਵੀ ਦੇ ਸਕਦੇ ਹਨ। ਇਹ ਸ਼ਿਕਾਇਤਾਂ ਰਜਿਸਟਰਡ ਕੀਤੀਆਂ ਜਾਣਗੀਆਂ। ਸਲਾਹਕਾਰ ਨੇ ਕਿਹਾ ਅਜਿਹੀ ਰਜਿਸਟ੍ਰੇਸ਼ਨ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਨੂੰ ਕਿਸੇ ਵੀ ਲੋੜ ਜਾਂ ਐਮਰਜੈਂਸੀ ਦੀ ਸਥਿਤੀ ‘ਚ ਕੈਨੇਡਾ ‘ਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਢੰਗ ਨਾਲ ਸੰਪਰਕ ਕਰਨ ਦੇ ਯੋਗ ਬਣਾਵੇਗੀ। ਜ਼ਿਕਰਯੋਗ ਹੈ ਕਿ ਇਹ ਐਡਵਾਈਜ਼ਰੀ ਬਰੈਂਪਟਨ ‘ਚ ਖਾਲਿਸਤਾਨ ਦੇ ਪੱਖ ‘ਚ ਕੁਝ ਦਿਨ ਪਹਿਲਾਂ ਕਰਵਾਏ ਰੈਫਰੈਂਡਮ ਤੋਂ ਬਾਅਦ ਆਈ ਹੈ ਜਿਸ ‘ਚ ਇਕ ਲੱਖ ਦੇ ਕਰੀਬ ਲੋਕਾਂ ਨੇ ਹਿੱਸਾ ਲਿਆ ਸੀ।