ਪੰਜਾਬ ਪੁਲੀਸ ਨੇ ਆਈ.ਐੱਸ.ਆਈ. ਦੀ ਹਮਾਇਤ ਪ੍ਰਾਪਤ ਡਰੋਨ ਆਧਾਰਤ ਖਾਲਿਸਤਾਨ ਟਾਈਗਰ ਫੋਰਸ ਅੱਤਵਾਦੀ ਮਾਡਿਊਲ ਦੇ ਇਕ ਹੋਰ ਆਪਰੇਟਿਵ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਪੁਲੀਸ ਵੱਲੋਂ ਕਾਬੂ ਕੀਤੇ ਦੋਸ਼ੀ ਦੀ ਕਾਰ ਵਿੱਚੋਂ ਪੁਲੀਸ ਨੇ ਤਿੰਨ ਹੈਂਡ ਗਰਨੇਡ ਅਤੇ ਮਾਰੂ ਹਥਿਆਰ ਬਰਾਮਦ ਕੀਤੇ ਹਨ। ਇਹ ਅੱਤਵਾਦੀ ਮਾਡਿਊਲ ਕੈਨੇਡਾ-ਆਧਾਰਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਵੱਲੋਂ ਚਲਾਇਆ ਜਾ ਰਿਹਾ ਹੈ, ਜੋ ਕੇ.ਟੀ.ਐੱਫ. ਦੇ ਕੈਨੇਡਾ ਸਥਿਤ ਮੁਖੀ ਹਰਦੀਪ ਸਿੰਘ ਨਿੱਝਰ ਦਾ ਨਜ਼ਦੀਕੀ ਸਾਥੀ ਹੈ। ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੀਰਾ ਵਾਸੀ ਜੁਝਾਰ ਨਗਰ ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਤਿੰਨ ਹੈਂਡ ਗਰਨੇਡਾਂ ਤੋਂ ਇਲਾਵਾ .30 ਬੋਰ ਅਤੇ 9 ਐੱਮ.ਐੱਮ. ਬਰੇਟਾ ਦੇ 2 ਪਿਸਤੌਲ ਸਮੇਤ 60 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਕਾਰਵਾਈ ਚਮਕੌਰ ਸਾਹਿਬ ਇਲਾਕੇ ਤੋਂ ਇਸੇ ਮੋਡਿਊਲ ਦੇ ਦੋ ਕਾਰਕੁਨਾਂ ਵੀਜਾ ਸਿੰਘ ਉਰਫ ਗਗਨ ਉਰਫ ਗੱਗੂ ਅਤੇ ਰਣਜੋਧ ਸਿੰਘ ਉਰਫ ਜੋਤੀ ਦੀ ਗ੍ਰਿਫ਼ਤਾਰੀ ਤੋਂ ਦੋ ਦਿਨ ਬਾਅਦ ਅਮਲ ‘ਚ ਲਿਆਂਦੀ ਗਈ ਹੈ। ਇਸ ਤੋਂ ਪਹਿਲਾਂ ਫਿਰੋਜ਼ਪੁਰ ਪੁਲੀਸ ਨੇ ਫਿਰੋਜ਼ਪੁਰ ਦੇ ਪਿੰਡ ਆਰਿਫਕੇ ‘ਚ ਝੋਨੇ ਦੇ ਖੇਤਾਂ ਵਿੱਚੋਂ ਇਕ ਏ.ਕੇ-47 ਅਸਾਲਟ ਰਾਈਫਲ ਸਮੇਤ ਦੋ ਮੈਗਜੀਨਾਂ ਅਤੇ 60 ਜਿੰਦਾ ਕਾਰਤੂਸ ਬਰਾਮਦ ਕੀਤੇ ਸਨ ਜਿਨਾਂ ਨੂੰ ਵੀਜਾ ਸਿੰਘ ਅਤੇ ਰਣਜੋਧ ਸਿੰਘ ਨੇ ਪ੍ਰਾਪਤ ਕਰਨਾ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਪੰਜਾਬ ਤੋਂ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ ‘ਤੇ ਮੋਗਾ ਪੁਲਿਸ ਨੇ ਕੋਟਕਪੂਰਾ-ਬਾਘਾਪੁਰਾਣਾ ਰੋਡ ‘ਤੇ ਨਾਕਾ ਲਗਾਇਆ ਅਤੇ ਦੋਸ਼ੀ ਹਰਪ੍ਰੀਤ ਹੀਰਾ ਨੂੰ ਕਾਬੂ ਕੀਤਾ, ਜੋ ਕਿ ਆਪਣੀ ਚਿੱਟੇ ਰੰਗ ਦੀ ਹੁੰਡਈ ਔਰਾ ਕਾਰ ‘ਚ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਹਰਪ੍ਰੀਤ ਨੇ ਕਬੂਲਿਆ ਕਿ ਉਹ ਅਰਸ਼ ਡਾਲਾ ਦੇ ਨਜ਼ਦੀਕੀ ਸਾਥੀ ਅਮਨਦੀਪ ਸਿੰਘ ਉਰਫ ਬੱਬੂ, ਜੋ ਕਿ ਇਸ ਵੇਲੇ ਹੁਸ਼ਿਆਰਪੁਰ ਜੇਲ੍ਹ ‘ਚ ਬੰਦ ਹੈ, ਦੇ ਇਸ਼ਾਰੇ ‘ਤੇ ਅੰਮ੍ਰਿਤਸਰ ਵਿਖੇ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।