ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਪੰਜਾਬ ਪੁਲੀਸ ਨੇ ਵੱਡੀ ਪੱਧਰ ‘ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਵੱਲੋਂ ਪਿੰਡ ਡਾਲਾ (ਮੋਗਾ) ਦੇ ਅਰਸ਼ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇ ਮਾਰੇ ਗਏ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਹਾਲ ਹੀ ‘ਚ ਅਰਸ਼ ਡਾਲਾ ਦੀ ਹਮਾਇਤ ਵਾਲੇ ਗਰੁੱਪ ‘ਚ ਸ਼ਾਮਲ ਕਈ ਵਿਅਕਤੀਆਂ ਦੀ ਪੁੱਛ-ਪੜਤਾਲ ਤੋਂ ਬਾਅਦ ਅਮਲ ‘ਚ ਲਿਆਂਦੀ ਗਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ‘ਚ ਪੁਲੀਸ ਦਾ ਖੌਫ਼ ਅਤੇ ਆਮ ਲੋਕਾਂ ‘ਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ 192 ਪੁਲੀਸ ਪਾਰਟੀਆਂ ਨੇ ਅਰਸ਼ ਡਾਲਾ ਨਾਲ ਜੁੜੇ ਲਗਪਗ 232 ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਇਲੈਕਟ੍ਰਾਨਿਕ ਉਪਕਰਨਾਂ ‘ਚੋਂ ਡੇਟਾ ਇਕੱਠਾ ਕੀਤਾ ਗਿਆ, ਅਸਲਾ ਲਾਇਸੈਂਸਾਂ ਦੀ ਜਾਂਚ ਕੀਤੀ ਗਈ ਅਤੇ ਵਿਦੇਸ਼ੀ ਮੂਲ ਦੇ ਪਰਿਵਾਰਕ ਮੈਂਬਰਾਂ ਦੇ ਯਾਤਰਾ ਸਬੰਧੀ ਵੇਰਵੇ ਇਕੱਠੇ ਕੀਤੇ ਗਏ ਹਨ। ਪੁਲੀਸ ਅਨੁਸਾਰ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਇਕ ਗੈਂਗਸਟਰ ਤੋਂ ਬਣਿਆ ਅੱਤਵਾਦੀ ਹੈ, ਜੋ ਪੰਜਾਬ ਅਤੇ ਵਿਦੇਸ਼ਾਂ ‘ਚ ਵੱਖ-ਵੱਖ ਅਪਰਾਧਕ ਗਤੀਵਿਧੀਆਂ ‘ਚ ਸ਼ਾਮਲ ਅਤੇ ਪੰਜਾਬ ਪੁਲੀਸ ਵੱਲੋਂ ਮੋਸਟ ਵਾਂਟੇਡ ਅਪਰਾਧੀ ਹੈ। ਉਹ ਸ਼੍ਰੇਣੀ-ਏ ਗੈਂਗਸਟਰ ਤੋਂ ਬਣਿਆ ਅੱਤਵਾਦੀ ਹੈ ਅਤੇ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ਕੇ.ਟੀ.ਐੱਫ. ਦਾ ਕਾਰਕੁਨ ਹੈ। ਸਾਲ 2020 ‘ਚ ਉਹ ਆਪਣੇ ਸਾਥੀ ਸੁੱਖਾ ਲੰਮੇ ਦਾ ਕਤਲ ਕਰਨ ਤੋਂ ਬਾਅਦ ਕੈਨੇਡਾ ਫਰਾਰ ਹੋ ਗਿਆ ਸੀ। ਪੁਲੀਸ ਮੁਖੀ ਦਾ ਦਾਅਵਾ ਹੈ ਕਿ ਕੈਨੇਡਾ ‘ਚ ਬੈਠ ਕੇ ਹੀ ਅਰਸ਼ ਪੰਜਾਬ ‘ਚ ਫਿਰੌਤੀ, ਹੱਤਿਆਵਾਂ ਅਤੇ ਹੋਰ ਦਹਿਸ਼ਤੀ ਅਪਰਾਧਾਂ ‘ਚ ਸ਼ਾਮਲ ਗੈਂਗਸਟਰਾਂ ਦਾ ਨੈੱਟਵਰਕ ਚਲਾਉਂਦਾ ਹੈ। ਉਹ ਮਨੀਲਾ, ਮਲੇਸ਼ੀਆ, ਕੈਨੇਡਾ ਅਤੇ ਪਾਕਿਸਤਾਨ ਸਥਿਤ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਅਪਰਾਧਾਂ ਨੂੰ ਅੰਜਾਮ ਦਿੰਦਾ ਰਿਹਾ ਹੈ। ਉਸ ਵਿਰੁੱਧ ਕਤਲ, ਲੁੱਟ-ਖੋਹ, ਡਕੈਤੀ, ਫਿਰੌਤੀ ਅਤੇ ਦਹਿਸ਼ਤ ਫੈਲਾਉਣ ਸਬੰਧੀ 35 ਮਾਲੇ ਦਰਜ ਹਨ। ਗੌਰਵ ਯਾਦਵ ਨੇ ਦੱਸਿਆ ਕਿ ਅਰਸ਼ ਦੀ ਕੈਨੇਡਾ ਤੋਂ ਹਵਾਲਗੀ ਲਈ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ।