ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਅਤੇ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨਾਲੋਂ ਵੱਖ ਹੋ ਕੇ ਆਪਣੀ ਵੱਖਰੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਅੱਜ ਸੋਮਵਾਰ ਨੂੰ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਅਤੇ ਧੀ ਜੈਇੰਦਰ ਕੌਰ ਨੇ ਵੀ ਭਾਜਪਾ ਦਾ ਪੱਲਾ ਫੜਿਆ। ਇਸ ਤੋਂ ਇਲਾਵਾ ਕੁਝ ਹੋਰ ਆਗੂ ਵੀ ਉਨ੍ਹਾਂ ਦੇ ਨਾਲ ਭਾਜਪਾ ‘ਚ ਸ਼ਾਮਲ ਹੋਏ ਹਨ। ਪਰ ਜਿਵੇਂ ਸਮਝਿਆ ਜਾ ਰਿਹਾ ਸੀ ਕਿ ਕਈ ਸਾਬਕਾ ਕਾਂਗਰਸੀ ਮੰਤਰੀ, ਵਿਧਾਇਕ ਤੇ ਆਗੂ ਉਨ੍ਹਾਂ ਨਾਲ ਭਾਜਪਾ ‘ਚ ਸ਼ਾਮਲ ਹੋਣਗੇ, ਅਜਿਹਾ ਬਿਲਕੁਲ ਨਹੀਂ ਹੋਇਆ। ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ‘ਚ ਸ਼ਾਮਲ ਕਰਵਾਉਣ ਮੌਕੇ ਨਾ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦ ਰਹੇ ਅਤੇ ਨਾ ਹੀ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਹਾਜ਼ਰ ਸਨ। ਉਂਝ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਕੈਪਟਨ ਨੇ ਨੱਢਾ ਨਾਲ ਸਵੇਰ ਸਮੇਂ ਮੁਲਾਕਾਤ ਜ਼ਰੂਰ ਕੀਤੀ ਸੀ। ਕੇਂਦਰੀ ਮੰਤਰੀ ਕਿਰਨ ਰਿਜਿਜੂ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੀ ਮੌਜੂਦਗੀ ‘ਚ ਕੈਪਟਨ ਨੇ ਭਾਜਪਾ ‘ਚ ਸ਼ਾਮਲ ਹੋਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਅਤੇ ਸੁਨੀਲ ਜਾਖੜ ਵੀ ਮੌਜੂਦ ਸਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਨਾਲ ਰਲੇਵਾਂ ਹੋ ਗਿਆ ਹੈ।