ਅਗਲੇ ਵਰ੍ਹੇ 21 ਫਰਵਰੀ ਨੂੰ ਕੌਮਾਂਤਰੀ ਭਾਸ਼ਾ ਦਿਵਸ ਹੈ ਅਤੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਅਤੇ ਦੁਕਾਨਾਂ ਦੇ ਦਿਸ਼ਾ-ਸੂਚਕ ਬੋਰਡ ਪੰਜਾਬੀ ‘ਚ ਲਗਾਉਣ ਲਈ ਕਿਹਾ ਹੈ। ਅੰਮ੍ਰਿਤਸਰ ‘ਚ ਪੁੱਜੇ ਮੁੱਖ ਮੰਤਰੀ ਨੇ ਮਾਂ-ਬੋਲੀ ਦੇ ਸਤਿਕਾਰ ਲਈ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ 21 ਫਰਵਰੀ ਤੱਕ ਖ਼ੁਦ ਹੀ ਦੁਕਾਨਾਂ ‘ਤੇ ਲੱਗੇ ਬੋਰਡ ਜਾਂ ਦਿਸ਼ਾ ਸੂਚਕ ਬੋਰਡ ਪੰਜਾਬੀ ਬੋਲੀ ‘ਚ ਲਿਖ ਲੈਣ ਅਤੇ ਇਸ ਮਗਰੋਂ ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਮਹੀਨਾ ਮਨਾਉਣ ਸਬੰਧੀ ਕਰਵਾਏ ਸੂਬਾਈ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਭਗਵੰਤ ਮਾਨ ਨੇ ਮਹਾਰਾਸ਼ਟਰ, ਤਾਮਿਲਨਾਡੂ ਅਤੇ ਹੋਰ ਸੂਬਿਆਂ ਦੀਆਂ ਮਿਸਾਲਾਂ ਦਿੱਤੀਆਂ, ਜਿੱਥੇ ਲੋਕ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ‘ਚ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਤੇ ਉਨ੍ਹਾਂ ਦੀ ਮਾਂ-ਬੋਲੀ ‘ਚ ਸੂਚਨਾ ਬੋਰਡ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਨੂੰ ਵੀ ਇਹ ਰਵਾਇਤ ਅਪਣਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸੂਚਨਾ ਬੋਰਡਾਂ ‘ਤੇ ਹੋਰ ਭਾਸ਼ਾਵਾਂ ਦੇ ਨਾਲ ਪੰਜਾਬੀ ਨੂੰ ਸਭ ਤੋਂ ਉੱਪਰ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਅੰਗਰੇਜ਼ੀ ਨੂੰ ਵਿਸ਼ਵ ਭਰ ‘ਚ ਇਕ ਸੰਪਰਕ ਭਾਸ਼ਾ ਵਜੋਂ ਮਾਨਤਾ ਮਿਲੀ ਹੋਈ ਹੈ ਪਰ ਇਸ ਭਾਸ਼ਾ ਨੂੰ ਆਪਣੀ ਮਾਂ-ਬੋਲੀ ਦੀ ਕੀਮਤ ‘ਤੇ ਅੱਗੇ ਨਹੀਂ ਵਧਾਇਆ ਜਾਣਾ ਚਾਹੀਦਾ ਹੈ। ਹਰੇਕ ਪੰਜਾਬੀ ਨੂੰ ਵਿਰਾਸਤ ‘ਚ ਮਿਲੇ ਆਪਣੇ ਸੱਭਿਆਚਾਰਕ ਵਿਰਸੇ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ‘ਚ ਆਪਣਾ ਵੱਖਰਾ ਸਥਾਨ ਬਣਾਇਆ ਹੈ ਪਰ ਜੇ ਕੋਈ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦਾ ਹੈ ਤਾਂ ਇਹ ਮੰਦਭਾਗਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਨਸਿਕ ਗੁਲਾਮੀ ਕਾਰਨ ਪੰਜਾਬੀ ਅੱਜ ਵੀ ਅੰਗਰੇਜ਼ੀ ਭਾਸ਼ਾ ਦੀ ਉੱਤਮਤਾ ‘ਚ ਵਿਸ਼ਵਾਸ ਰੱਖਦੇ ਹਨ, ਜਦੋਂ ਕਿ ਅਸਲੀਅਤ ਇਹ ਹੈ ਕਿ ਪੰਜਾਬੀ ਸਾਡੀ ਸ਼੍ਰੋਮਣੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਭਾਸ਼ਾ, ਸੱਭਿਆਚਾਰ ਅਤੇ ਰਵਾਇਤਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਇਸ ਨੇਕ ਕਾਰਜ ਲਈ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ।