ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰਨ ਤੋਂ ਬਾਅਦ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਲਿਆ ਹੈ। ਦਰਅਸਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਇਕ ਮੀਟਿੰਗ ਹੋਈ ਜਿਸ ‘ਚ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ‘ਚੋਂ ਕੱਢਣ ਦੀ ਸਿਫਾਰਿਸ਼ ਕੀਤੀ ਗਈ। ਮੀਟਿੰਗ ‘ਚ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਗਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਰਦੀਪ ਸਿੰਘ ਧਾਰਨੀ, ਸਰਬਜੀਤ ਸਿੰਘ ਝਿੰਜਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪੰਜੋਲੀ ਨੂੰ ਪਾਰਟੀ ਵਿੱਚੋਂ ਕੱਢਿਆ ਜਾਵੇ। ਉਨ੍ਹਾਂ ਕਿਹਾ ਪਾਰਟੀ ਨੇ ਪੰਜੋਲੀ ਨੂੰ ਬਹੁਤ ਮਾਣ-ਸਨਮਾਨ ਦਿੱਤਾ ਪ੍ਰੰਤੂ ਪੰਜੋਲੀ ਪਾਰਟੀ ਪ੍ਰਧਾਨ ਦੇ ਵਿਰੋਧ ਬੋਲਦੇ ਰਹੇ। ਇਕ ਸਮਾਗਮ ‘ਚ ਪੰਜੋਲੀ ਨੇ ਪਾਰਟੀ ਪ੍ਰਧਾਨ ਨੂੰ ਗਾਲ੍ਹ ਤਕ ਕੱਢ ਦਿੱਤੀ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਵੀ ਪੰਜੋਲੀ ਵਿਰੁੱਧ ਕਾਰਵਾਈ ਲਈ ਲਿਖਿਆ ਜਾਵੇਗਾ। ਹਾਲ ਹੀ ‘ਚ ਇਕ ਸਮਾਗਮ ‘ਚ ਪੰਜੋਲੀ ਨੇ ਖੁਦ ਮੰਨਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਖੁੱਲ੍ਹ ਕੇ ਮਦਦ ਕੀਤੀ।