ਲੋਕਪਾਲ ਦੇ ਮੁੱਦੇ ‘ਤੇ ਸੰਘਰਸ਼ ਕਰਕੇ ਸਿਆਸੀ ਪਾਰਟੀ ਬਣੀ ਅਤੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਇਕ ਪਾਸੇ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਦਫ਼ਤਰਾਂ ‘ਚ ਲਾਉਂਦੀ ਹੈ। ਪੰਜਾਬ ਤੇ ਦਿੱਲੀ ‘ਚ ਪਾਰਟੀ ਸ਼ਹੀਦ ਭਗਤ ਸਿੰਘ ਆਦਰਸ਼ ਮੰਨਦੀ ਹੈ ਤਾਂ ਦੂਜੇ ਪਾਸੇ ਇਸ ਪਾਰਟੀ ਦੇ ਸੁਪਰੀਮੋ ਧਾਰਮਿਕ ਪੱਤਾ ਖੇਡਣ ਦੀ ਕੋਸ਼ਿਸ਼ ਕਰਦੇ ਹਨ। ਉਂਝ ਇਹ ਦੋਸ਼ ਭਾਜਪਾ ‘ਤੇ ਲੱਗਦੇ ਹਨ ਪਰ ਇਸ ਮਾਮਲੇ ‘ਚ ਕੇਜਰੀਵਾਲ ਭਾਜਪਾ ਤੋਂ ਵੀ ਅੱਗੇ ਲੰਘਣ ਦੀ ਕੋਸ਼ਿਸ਼ ਕਰਦੇ ਦਿਖਾਈ ਦਿੰਦੇ ਹਨ। ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਕਰੰਸੀ ਨੋਟਾਂ ‘ਤੇ ਮਹਾਤਮਾ ਗਾਂਧੀ ਦੇ ਨਾਲ ਲਕਸ਼ਮੀ ਦੇਵੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਛਪਵਾਉਣ ਦੀ ਅਪੀਲ ਨੇ ਪਾਰਟੀ ਨੂੰ ਪੰਜਾਬ ‘ਚ ਕਸੂਤੀ ਸਥਿਤੀ ‘ਚ ਪਾ ਦਿੱਤਾ ਹੈ। ਕੇਜਰੀਵਾਲ ਨੇ ਇਹ ਅਪੀਲ ਭਾਵੇਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ‘ਚ ਹਿੰਦੂਆਂ ਦੀਆਂ ਵੋਟਾਂ ਦਾ ਲਾਹਾ ਲੈਣ ਲਈ ਕੀਤੀ ਹੈ ਪਰ ਇਸ ਦਾ ਅਸਰ ਪੰਜਾਬ ‘ਚ ਹੋਇਆ ਹੈ। ਦੂਜੇ ਪਾਸੇ ਵਿਰੋਧੀਆਂ ਵੱਲੋਂ ਇਸ ਮਾਮਲੇ ‘ਤੇ ‘ਆਪ’ ਨੂੰ ਘੇਰਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਅਪੀਲ ਕੀਤੀ। ਉਨ੍ਹਾਂ ਦੀ ਅਪੀਲ ਤੋਂ ਕੁਝ ਸਮੇਂ ਬਾਅਦ ‘ਆਪ’ ਦਿੱਲੀ ਦੇ ਕੁਝ ਸੀਨੀਅਰ ਆਗੂਆਂ ਨੇ ਕੇਜਰੀਵਾਲ ਦੇ ਬਿਆਨ ਦੀ ਹਮਾਇਤ ਕੀਤੀ। ਦੂਜੇ ਪਾਸੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸੁਪਰੀਮੋ ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਜਿਹੇ ਬਿਆਨ ਦੇ ਰਹੇ ਹਨ। ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਗਾ ਕੇ ਵੋਟਾਂ ਹਾਸਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਬਦਲਾਅ ਦੀਆਂ ਗੱਲਾਂ ਕਰਦੀ ਸੀ ਪਰ ਅੱਜ ਦੇਸ਼ ਦੇ ਆਰਥਿਕ ਹਾਲਾਤ ਨੂੰ ਦੇਖਦੇ ਹੋਏ ਉਹ ਵੀ ਧਰਮ ਦੀ ਰਾਜਨੀਤੀ ਕਰਨ ਲੱਗ ਪਈ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅਜਿਹੇ ਬਿਆਨ ਨਾਲ ਆਪਣਾ ਅਸਲ ਰੰਗ ਜੱਗ ਜ਼ਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਖੁਦ ਨੂੰ ਕੱਟੜ ਹਿੰਦੂ ਸਾਬਤ ਕਰਨਾ ਦੇਸ਼ ਦੀ ਧਰਮ-ਨਿਰਪੱਖਤਾ ਨੂੰ ਢਾਹ ਲਾ ਸਕਦਾ ਹੈ। ਇਸ ਮਾਮਲੇ ‘ਚ ਕੇਜਰੀਵਾਲ ਦਾ ਬਚਾਅ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੱਛਮੀ ਦੇਵੀ ਅਤੇ ਭਗਵਾਨ ਗਣੇਸ਼ ਸਾਡੀ ਆਸਥਾ ਦੇ ਪ੍ਰਤੀਕ ਹਨ। ਇਸ ‘ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਇਸ ਬਾਰੇ ਕੇਂਦਰ ਸਰਕਾਰ ਨੂੰ ਵਿਚਾਰ ਕਰਨਾ ਚਾਹੀਦਾ ਹੈ।