ਆਉਂਦੀ 24 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਸਰਕਾਰ ‘ਤੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਕੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ ਹੈ। ਚੰਡੀਗੜ੍ਹ ‘ਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਸਾਰੇ ਮੁਕੱਦਮੇ ਰੱਦ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਕ ਸਾਲ ਬੀਤਣ ਦੇ ਬਾਵਜੂਦ ਕਿਸਾਨਾਂ ਖ਼ਿਲਾਫ਼ ਮਾਮਲੇ ਰੱਦ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਹੋਰਨਾਂ ਮੰਗਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਚੜੂਨੀ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ 24 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਅੰਬਾਲਾ ਦੇ ਮੋਹੜਾ ਮੰਡੀ ‘ਚ ਰੇਲਾਂ ਰੋਕੀਆਂ ਜਾਣਗੀਆਂ। ਇਸ ਦੇ ਬਾਵਜੂਦ ਜੇਕਰ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਨਾ ਕੀਤੇ ਗਏ ਤਾਂ ਇਹ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੇਣ ਲਈ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਉਸ ‘ਤੇ ਸਹੀ ਢੰਗ ਨਾਲ ਕੰਮ ਨਹੀਂ ਹੋ ਰਿਹਾ ਹੈ। ਇਸ ਦੇ ਨਾਲ ਹੀ ਲਖੀਮਪੁਰ ਖੀਰੀ ਮਾਮਲੇ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਹੋ ਰਹੀ। ਦੂਜੇ ਪਾਸੇ ਹਰਿਆਣਾ ਸਰਕਾਰ ਕਿਸਾਨਾਂ ਖ਼ਿਲਾਫ਼ ਪਰਾਲੀ ਸਾੜਨ ‘ਤੇ ਕੇਸ ਦਰਜ ਕਰਨ ਲੱਗੀ ਹੋਈ ਹੈ, ਜਦੋਂਕਿ ਪਰਾਲੀ ਦੇ ਹੱਲ ਲਈ ਪਹਿਲਾਂ ਪ੍ਰਬੰਧ ਕਰਨੇ ਚਾਹੀਦੇ ਸਨ। ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਜਲਦ ਪੂਰੇ ਨਾ ਕੀਤੇ ਤਾਂ ਮੁੜ ਤੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂ ਚੜੂਨੀ ਨੇ ਕਿਹਾ ਕਿ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨਾਂ ਸਬੰਧੀ ਪੰਜਾਬ ਤੇ ਹਰਿਆਣਾ ਸਰਕਾਰ ਦੇ ਹੁਕਮਾਂ ਦਾ ਵਿਰੋਧ ਕੀਤਾ ਜਾਵੇਗਾ, ਜਿਨ੍ਹਾਂ ਤਹਿਤ 100-100 ਸਾਲਾਂ ਤੋਂ ਜ਼ਮੀਨ ‘ਤੇ ਦਸਤਾਵੇਜ਼ਾਂ ਨਾਲ ਕਬਜ਼ਾ ਕਰਕੇ ਬੈਠੇ ਕਿਸਾਨਾਂ ਨੂੰ ਉਜਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।