ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰਖਦਿਆਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ‘ਤੇ ਅਗਲੇ ਹੁਕਮਾਂ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਬਣੀ ਫਿਲਮ ‘ਦਾਸਤਾਨ-ਏ-ਸਰਹੰਦ’ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਇਹ ਫ਼ੈਸਲਾ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ‘ਚ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਮੀਟਿੰਗ ‘ਚ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਤੇ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਕਮੇਟੀ ਗਠਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਤੇ ਫਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ਦਾ ਭਾਰੀ ਰੋਸ ਪਾਇਆ ਗਿਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫਿਲਮਾਉਣ ‘ਤੇ ਰੋਕ ਲਗਾਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਇਤਰਾਜ਼ ਵਿਚਾਰਨ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਐਨੀਮੇਸ਼ਨ ਰਾਹੀਂ ਵੀ ਅਜਿਹੀ ਕਿਸੇ ਵੀ ਫਿਲਮ ਨੂੰ ਪ੍ਰਵਾਨਗੀ ਨਹੀਂ ਹੋਵੇਗੀ। ਜਿਕਰਯੋਗ ਹੈ ਕਿ ਐਨੀਮੇਟਿਡ ਫਿਲਮ ‘ਛੋਟੇ ਸਾਹਿਬਜ਼ਾਦੇ’ ਦੀ ਕਾਮਯਾਬੀ ਮਗਰੋਂ ਅਜਿਹੀਆਂ ਐਨੀਮੇਸ਼ਨ ਫਿਲਮਾਂ ਬਣਾਉਣ ਦਾ ਰੁਝਾਨ ਵਧ ਗਿਆ ਸੀ ਪਰ ਹੁਣ ‘ਦਾਸਤਾਨ-ਏ-ਸਰਹੰਦ’ ਫਿਲਮ ਦਾ ਭਾਰੀ ਵਿਰੋਧ ਹੋਇਆ ਹੈ ਜਿਸ ਕਾਰਨ ਹੀ ਇਹ ਫਿਲਮ ਰਿਲੀਜ਼ ਨਹੀਂ ਹੋ ਸਕੀ। ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ‘ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਸਮਾਗਮ ਕੀਤੇ ਜਾਣਗੇ। ਇਸ ਬਾਰੇ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨਾਲ ਵਿਚਾਰ ਮਗਰੋਂ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਤਿੰਨ ਤਿੰਨ ਮੈਂਬਰ ਸ਼ਾਮਲ ਕੀਤੇ ਜਾਣਗੇ। ਇਸੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਸਰੂਪਾਂ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਬ-ਕਮੇਟੀ ਦੀ ਰਿਪੋਰਟ ਦੀਆ ਸਿਫ਼ਾਰਿਸ਼ਾਂ ਮੰਨਦਿਆਂ 7 ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਤੇ 2 ਕਰਮਚਾਰੀਆਂ ਦੀ ਮੁੜ ਪੜਤਾਲ ਸ਼ੁਰੂ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਇਸ ਰਿਪੋਰਟ ‘ਤੇ ਕਰਮਚਾਰੀਆਂ ‘ਤੇ ਕੀਤੀ ਜਾਣ ਵਾਲੀ ਕਾਰਵਾਈ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਲਾਪਤਾ ਸਰੂਪਾਂ ਦੇ ਮਾਮਲੇ ‘ਤੇ ਬਣੀ ਸਬ-ਕਮੇਟੀ ਦੀ ਰਿਪੋਰਟ ਕਿਸੇ ਵੀ ਮੈਂਬਰ ਨੂੰ ਨਹੀਂ ਦਿਖਾਈ ਗਈ। ਚਲਦੀ ਮੀਟਿੰਗ ‘ਚ ਇਕ ਅਧਿਕਾਰੀ ਇਹ ਰਿਪੋਰਟ ਲੈ ਕੇ ਹਾਜ਼ਰ ਹੋਇਆ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਰਿਪੋਰਟ ‘ਤੇ ਫ਼ੈਸਲਾ ਸੁਣਾਇਆ। ਸਬ-ਕਮੇਟੀ ਦੀ ਇਸ ਰਿਪੋਰਟ ‘ਤੇ ਕਾਰਵਾਈ ਕਰਦਿਆਂ ਐਡਵੋਕੇਟ ਧਾਮੀ ਨੇ ਮੀਤ ਸਕੱਤਰ ਸਤਿੰਦਰ ਸਿੰਘ, ਮੀਤ ਸਕੱਤਰ ਗੁਰਬਚਨ ਸਿੰਘ, ਇੰਚਾਰਜ 85 ਪਰਮਦੀਪ ਸਿੰਘ, ਸਹਾਇਕ ਅਕਾਊਂਟੈਂਟ ਆਡਿਟ ਜੁਝਾਰ ਸਿੰਘ, ਕਲਰਕ ਇਮਾਰਤੀ ਵਿਭਾਗ ਬਾਜ ਸਿੰਘ, ਹੈਲਪਰ ਦਲਬੀਰ ਸਿੰਘ ਤੇ ਸੁਪਰਵਾਈਜ਼ਰ ਗੁਰਮੁੱਖ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੀਆਂ, ਜਦਕਿ ਸਕੱਤਰ ਮਨਜੀਤ ਸਿੰਘ ਤੇ ਨਿਸ਼ਾਨ ਸਿੰਘ ਦੀ ਮੁੜ ਪੜਤਾਲ ਕਰਨ ਲਈ ਇਕ ਦੋ ਮੈਂਬਰੀ ਸਬ-ਕਮੇਟੀ ਬਣਾਈ ਹੈ। ਇਸ ਸਬ-ਕਮੇਟੀ ‘ਚ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਤੇ ਸ਼ੇਰ ਸਿੰਘ ਮੰਡ ਵਾਲਾ ਨੂੰ ਸ਼ਾਮਲ ਕੀਤਾ ਗਿਆ ਹੈ।