ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਮੰਨੇ ਜਾਂਦੇ ਅਤੇ ਕਈ ਹੋਰ ਮਾਮਲਿਆਂ ‘ਚ ਪੰਜਾਬ ਪੁਲੀਸ ਨੂੰ ਲੋੜੀਂਦੇ ਗੋਲਡੀ ਬਰਾੜ ਨੇ ਉਨ੍ਹਾਂ ਖ਼ਬਰਾਂ ਨੂੰ ਨਕਾਰਿਆ ਹੈ ਜਿਨ੍ਹਾ ‘ਚ ਕਿਹਾ ਗਿਆ ਸੀ ਐੱਫ.ਬੀ.ਆਈ. ਨੇ ਉਸ ਨੂੰ ਕੈਲੀਫੋਰਨੀਆ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਗੋਲਡੀ ਬਰਾੜ ਨੂੰ ਅਮਰੀਕਾ ‘ਚ ਹਿਰਾਸਤ ‘ਚ ਲੈਣ ਦਾ ਕੀਤਾ ਸੀ। ਗੁਜਰਾਤ ‘ਚ ਚੋਣ ਮੁਹਿੰਮ ਦੌਰਾਨ ਭਗਵੰਤ ਮਾਨ ਨੇ ਇਥੋਂ ਤੱਕ ਆਖ ਦਿੱਤਾ ਸੀ ਕਿ ਜਲਦ ਹੀ ਗੋਲਡੀ ਬਰਾੜ ਨੂੰ ਅਮਰੀਕਾ ਤੋਂ ਪੰਜਾਬ ਲਿਆਂਦਾ ਜਾਵੇਗਾ। ਇਸ ਦਾਅਵੇ ਤੋਂ ਤਿੰਨ ਦਿਨ ਮਗਰੋਂ ਗੈਂਗਸਟਰ ਨੇ ਯੂਟਿਊਬ ਚੈਨਲ ‘ਤੇ ਦਿੱਤੀ ਇੰਟਰਵਿਊ ‘ਚ ਦਾਅਵਾ ਕੀਤਾ ਹੈ ਕਿ ਉਹ ਨਾ ਕਿਸੇ ਦੀ ਕਸਟਡੀ ‘ਚ ਹੈ ਤੇ ਨਾ ਹੀ ਉਸ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਗੈਂਗਸਟਰ ਨੇ ਇਹ ਦਾਅਵਾ ਯੂਟਿਊਬ ਦੇ ਪੱਤਰਕਾਰ ਕੋਲ ਕੀਤਾ ਹੈ। ਬਰਾੜ ਵੀਡੀਓ ‘ਚ ਇਹ ਕਹਿੰਦਾ ਨਜ਼ਰ ਆਉਂਦਾ ਹੈ ਕਿ ਉਸ ਨੂੰ ਹਿਰਾਸਤ ‘ਚ ਲਏ ਜਾਣ ਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਸਰਾਸਰ ਗ਼ਲਤ ਹੈ। ਗੈਂਗਸਟਰ ਨੇ ਕਿਹਾ ਕਿ ਉਹ ਤਾਂ ਅਮਰੀਕਾ ‘ਚ ਵੀ ਨਹੀਂ ਹੈ। ਬਰਾੜ ਦਾ ਇਹ ਵੀਡੀਓ ਮੁੱਖ ਮੰਤਰੀ ਭਗਵੰਤ ਮਾਨ ਲਈ ਵੱਡੀ ਨਮੋਸ਼ੀ ਹੈ ਕਿਉਂਕਿ ਉਨ੍ਹਾਂ ਗੁਜਰਾਤ ‘ਚ ਮੀਡੀਆ ਦੇ ਰੂਬਰੂ ਹੁੰਦਿਆਂ ਉਪਰੋਕਤ ਦਾਅਵਾ ਕੀਤਾ ਸੀ। ਮੁੱਖ ਮੰਤਰੀ ਦੀ ਮੀਡੀਆ ਟੀਮ, ਜਿਸ ‘ਚ ਪੰਜਾਬ ਦੇ ਕੁਝ ਆਈ.ਏ.ਐੱਸ. ਅਧਿਕਾਰੀ ਵੀ ਸ਼ਾਮਲ ਸਨ, ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਉਹ ਅਹਿਮ ਪ੍ਰੈੱਸ ਕਾਨਫਰੰਸ ਲਈ ਤਿਆਰ ਰਹਿਣ ਜਿਸ ‘ਚ ਮੁੱਖ ਮੰਤਰੀ ਮਾਨ ਤਫ਼ਸੀਲ ‘ਚ ਦੱਸਣਗੇ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਕਿਵੇਂ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦਾ ਉਪਰੋਕਤ ਦਾਅਵਾ ਮੂਸੇਵਾਲਾ ਕੇਸ ‘ਚ ਪੰਜਾਬ ਪੁਲੀਸ ਲਈ ਇਕ ਹੋਰ ਝਟਕਾ ਹੈ ਕਿਉਂਕਿ ਜਦੋਂ ਕਿਸੇ ਲੋੜੀਂਦੇ ਭਾਰਤੀ ਅਪਰਾਧੀ ਨੂੰ ਵਿਦੇਸ਼ ‘ਚ ਕਾਬੂ ਕੀਤਾ ਜਾਂਦਾ ਹੈ ਤਾਂ ਅਜਿਹੇ ਕੇਸਾਂ ਨਾਲ ਭਾਰਤ ਸਰਕਾਰ ਤੇ ਕੇਂਦਰੀ ਏਜੰਸੀਆਂ ਸਿੱਝਦੀਆਂ ਹਨ। ਇਸ ਤੋਂ ਪਹਿਲਾਂ ਦਿੱਲੀ ਵਿਸ਼ੇਸ਼ ਸੈੱਲ ਦੀ ਪੁਲੀਸ ਨੇ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਬਹੁਤੇ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਮਗਰੋਂ ਇਸ ਕੇਸ ਦਾ ਇਕ ਹੋਰ ਮੁਲਜ਼ਮ ਦੀਪਕ ਟੀਨੂ ਪੰਜਾਬ ਪੁਲੀਸ ਦੇ ਸਬ-ਇੰਸਪੈਕਟਰ ਦੀ ਮਦਦ ਨਾਲ ਮਾਨਸਾ ਪੁਲੀਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ।