ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰੱਖੇ ਸਮਾਗਮ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਪੁੱਜੇ। ਉਨ੍ਹਾਂ ਵੱਲੋਂ ਚੰਡੀਗੜ੍ਹ ਏਅਰਪੋਰਟ ਦੇ ਨਵੇਂ ਨਾਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਇਸ ਮੌਕੇ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬੀਆਂ ਲਈ ਵੱਡਾ ਦਿਨ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਛੋਟੀ ਜਿਹੀ ਉਮਰ ‘ਚ ਹੀ ਫਾਂਸੀ ਦਾ ਰੱਸਾ ਚੁੰਮ ਲਿਆ ਸੀ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਕੈਨੇਡਾ ਅਤੇ ਅਮਰੀਕਾ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ। ਯਾਦ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਦੇ ਐਲਾਨ ਮੁਤਾਬਕ ਅੱਜ ਵਿੱਤ ਮੰਤਰੀ ਨੇ ਏਅਰਪੋਰਟ ਦੇ ਨਾਮਕਰਨ ਦਾ ਰਸਮੀ ਉਦਘਾਟਨ ਕੀਤਾ ਪਰ ਪਰਵਾਸੀ ਪੰਜਾਬੀਆਂ ਦੀ ਜ਼ੋਰਦਾਰ ਮੰਗ ਦੇ ਬਾਵਜੂਦ ਉਨ੍ਹਾਂ ਇਸ ਏਅਰਪੋਰਟ ਤੋਂ ਕੈਨੇਡਾ, ਅਮਰੀਕਾ ਸਮੇਤ ਹੋਰਨਾਂ ਮੁਲਕਾਂ ਲਈ ਫਲਾਈਟਾਂ ਸ਼ੁਰੂ ਕਰਨ ਬਾਰੇ ਇਕ ਸ਼ਬਦ ਵੀ ਨਹੀਂ ਕਿਹਾ। ਨਾਮਕਰਨ ਮੌਕੇ ਕੇਂਦਰੀ ਮੰਤਰੀ ਵੀ.ਕੇ. ਸਿੰਘ, ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਗ੍ਰਹਿ ਮੰਤਰੀ ਅਨਿਲ ਵਿੱਜ, ਗਵਰਨਰ ਬਨਵਾਰੀ ਲਾਲ ਪੁਰੋਹਿਤ, ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ, ਕਿਰਨ ਖੇਰ ਆਦਿ ਮੌਜੂਦ ਸਨ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਦੀ ਜੈਅੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਇਕ ਟਵੀਟ ‘ਚ ਕਿਹਾ, ‘ਸ਼ਹੀਦ ਭਗਤ ਸਿੰਘ ਦੀ ਜੈਅੰਤੀ ‘ਤੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਸਾਨੂੰ ਬਹੁਤ ਪ੍ਰੇਰਿਤ ਕਰਦੀ ਹੈ। ਦੇਸ਼ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਅਸੀਂ ਸਾਕਾਰ ਕਰਨ ਦੀ ਵਚਨਬੱਧਤਾ ਦਹਰਾਉਂਦੇ ਹਾਂ।’