ਪੰਜਾਬ ਦੇ ਮੁਹਾਲੀ ‘ਚ 307 ਏਕੜ ਜ਼ਮੀਨ ‘ਤੇ ਤਿਆਰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਕੇਂਦਰ, ਪੰਜਾਬ ਤੇ ਹਰਿਆਣਾ ਦਾ ਅਧਿਕਾਰ ਹੈ। ਹੁਣ ਪੰਜਾਬ ਤੇ ਹਰਿਆਣਾ ਵਿਚਾਲੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸਹਿਮਤੀ ਬਣ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨਾਲ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਚਰਚਾ ਹੋਈ। ਦੋਵਾਂ ਵਿਚਕਾਰ ਲੰਬਾ ਸਮਾਂ ਮੀਟਿੰਗ ਚੱਲਣ ਉਪਰੰਤ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸਹਿਮਤੀ ਦਿੱਤੀ ਗਈ। ਹੁਣ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲਣ ਲਈ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਭੇਜਣਗੀਆਂ। ਇਸ ਤੋਂ ਬਾਅਦ ਹੀ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲਿਆ ਜਾ ਸਕਦਾ ਹੈ। ਗੌਰਤਲਬ ਹੈ ਕਿ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਕਾਫ਼ੀ ਸਮੇਂ ਤੋਂ ਮੰਗ ਉੱਠ ਰਹੀ ਹੈ। ਇਸ ਮਾਮਲੇ ‘ਤੇ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਤੋਂ ਸਹਿਮਤੀ ਮੰਗੀ ਸੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕਰ ਦਿੱਤਾ ਸੀ ਜਦਕਿ ਹਰਿਆਣਾ ਸਰਕਾਰ ਵੱਲੋਂ ਪਹਿਲਾਂ ਹਵਾਈ ਅੱਡੇ ਦਾ ਨਾਮ ਸਾਬਕਾ ਉਪ ਮੁੱਖ ਮੰਤਰੀ ਮੰਗਲ ਸੈਨ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਨੇ ਵੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਮਤਾ ਪਾਸ ਕਰ ਦਿੱਤਾ ਸੀ, ਪਰ ਇਸ ਦੇ ਬਾਵਜੂਦ ਚੰਡੀਗੜ੍ਹ ਏਅਰਪੋਰਟ ਦਾ ਨਾਂ ਬਦਲਿਆ ਨਹੀਂ ਜਾ ਸਕਿਆ।