ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗਡ਼੍ਹ ਦੌਰੇ ’ਤੇ ਪਹੁੰਚੇ ਤਾਂ ਉਨ੍ਹਾਂ ਪੰਜਾਬ ’ਚ ਫੈਲੇ ਨਸ਼ਿਆਂ ਬਾਰੇ ਅਹਿਮ ਗੱਲ ਆਖੀ। ਉਨ੍ਹਾਂ ਕਿਹਾ ਕਿ ਕੇਂਦਰ ਨੇ ਨਸ਼ਿਆਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ, ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਿਆਂ ਵਿਰੁੱਧ ਲਡ਼ਾਈ ਸਹੀ ਦਿਸ਼ਾ ਵੱਲ ਵਧ ਰਹੀ ਹੈ। ਉਹ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਪੰਜਾਬ ਭਵਨ ਵਿੱਚ ‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਕਰਵਾਏ ਸੈਮੀਨਾਰ ’ਚ ਪੁੱਜੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਸੂਬਾ ਹੋਣ ਕਾਰਨ ਇੱਥੇ ਨਸ਼ਿਆਂ ਦੀ ਸਮੱਸਿਆ ਜ਼ਿਆਦਾ ਹੈ, ਜਿਸ ਦੇ ਖਾਤਮੇ ਲਈ ਕੇਂਦਰ ਸਰਕਾਰ ਸੂਬੇ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਅਮਿਤ ਸ਼ਾਹ ਨੇ ਅੰਮ੍ਰਿਤਸਰ ’ਚ ਫੋਰੈਂਸਿਕ ਲੈਬ ਅਤੇ ਐੱਨ.ਸੀ.ਬੀ. ਦਾ ਸਿਖਲਾਈ ਕੇਂਦਰ ਖੋਲ੍ਹਣ ਦਾ ਐਲਾਨ ਕੀਤਾ, ਜਿਸ ਲਈ ਜ਼ਮੀਨ ਪੰਜਾਬ ਸਰਕਾਰ ਨੂੰ ਮੁਹੱਈਆ ਕਰਵਾਉਣੀ ਪਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਐਲਾਨ ਦਾ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਜ਼ਮੀਨ ਮੁਹੱਈਆ ਕਰਵਾਉਣ ਲਈ ਤਿਆਰ ਹੈ। ਸੈਮੀਨਾਰ ’ਚ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਜੰਮੂ ਕਸ਼ਮੀਰ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚੋਂ ਨਸ਼ਿਆਂ ਦੀ ਰੋਕਥਾਮ ਲਈ ਨਾਰਕੋਟਿਕ ਕੰਟਰੋਲ ਬਿਊਰੋ ਦਾ ਗਠਨ ਕੀਤਾ ਗਿਆ ਹੈ, ਜਿਸ ਵੱਲੋਂ ਵੱਡੀ ਮਾਤਰਾ ’ਚ ਬਰਾਮਦ ਹੋਣ ਵਾਲੇ ਨਸ਼ਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ 2006-13 ਦੌਰਾਨ 1।52 ਲੱਖ ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ ਜਦਕਿ ਸਾਲ 2014-21 ਦੌਰਾਨ 3।3 ਲੱਖ ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਜਦਕਿ ਗ੍ਰਿਫ਼ਤਾਰੀਆਂ ’ਚ 260 ਫ਼ੀਸਦੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਸਾਲ 2006-13 ਦੌਰਾਨ 768 ਕਰੋਡ਼ ਦੀ ਨਸ਼ੀਲੀ ਸਮੱਗਰੀ ਜ਼ਬਤ ਕੀਤੀ ਗਈ ਸੀ ਜਦਕਿ ਮੋਦੀ ਸਰਕਾਰ ਨੇ ਸਾਲ 2014-21 ਤੱਕ 20 ਹਜ਼ਾਰ ਕਰੋਡ਼ ਦੀ ਨਸ਼ੀਲੀ ਸਮੱਗਰੀ ਜ਼ਬਤ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਆਉਣ ਵਾਲੇ ਸਮੇਂ ’ਚ ਨਸ਼ਾ ਤਸਕਰੀ ਦੀ ਰੋਕਥਾਮ ਲਈ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਕੰਮ ਕਰ ਰਹੀ ਹੈ ਜਦਕਿ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਸੂਬਾ ਸਰਕਾਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਅਤੇ ਖੁਸ਼ਹਾਲ ਦੇਸ਼ ਦੀ ਸਿਰਜਣਾ ਲਈ ਕੇਂਦਰ ਅਤੇ ਸੂਬਿਆਂ ਨੂੰ ਇਕਜੁੱਟ ਹੋ ਕੇ ਲਡ਼ਾਈ ਲਡ਼ਨ ਦੀ ਲੋਡ਼ ਹੈ।