ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਦੇਰ ਰਾਤ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ। ਉਥੇ ਉਨ੍ਹਾਂ ਨੇ ਮਰਹੂਮ ਗਾਇਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੂਸੇਵਾਲਾ ਦੀ ਹਵੇਲੀ ‘ਚ ਹੀ ਰਾਤ ਗੁਜ਼ਾਰੀ। ਜ਼ਿਕਰਯੋਗ ਹੈ ਕਿ ਉਹ ਕਾਫ਼ੀ ਸਮੇਂ ਤੋਂ ਵਿਦੇਸ਼ ‘ਚ ਸਨ ਅਤੇ ਬੀਤੇ ਦਿਨੀਂ ਹੀ ਵਿਦੇਸ਼ ਤੋਂ ਪਰਤੇ ਸਨ। ਉਧਰ ਸਿੱਧੂ ਮੂਸੇਵਾਲਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਸਨ ਤਾਂ ਮਾਨਸਾ ਤੋਂ ਵਿਧਾਇਕ ਦੀ ਚੋਣ ਵੀ ਲੜੇ ਸਨ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਪੰਜਾਬ ਆਉਂਦਿਆਂ ਸਾਰ ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਚੰਨੀ ਨੇ ਦੱਸਿਆ ਕਿ ਜਦ ਉਹ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆ ਰਹੇ ਸਨ ਤਾਂ ਪੁਲੀਸ ਵੱਲੋਂ ਉਨ੍ਹਾਂ ਨੂੰ ਉਥੇ ਆਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਜਦ ਉਹ ਹਵੇਲੀ ਪਹੁੰਚੇ ਤਾਂ ਪੁਲੀਸ ਵੱਲੋਂ ਉਨ੍ਹਾਂ ਨੂੰ ਸੰਮਨ ਦੇ ਦਿੱਤੇ ਗਏ। ਇਹ ਪਰਚਾ ਚਰਨਜੀਤ ਸਿੰਘ ਚੰਨੀ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ‘ਤੇ ਚੋਣ ਪ੍ਰਚਾਰ ਦੌਰਾਨ ਹੋਇਆ ਸੀ। ਉਸੇ ਮਾਮਲੇ ‘ਚ ਪੁਲਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਸੰਮਨ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਹ ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਤੋਂ ਬਾਅਦ ਮੰਗਲਵਾਰ ਨੂੰ ਰਾਜਸਥਾਨ ਵਿਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਏ ਸਨ। ਕੁਝ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੰਨੀ ਨੇ ਦੱਸਿਆ ਕਿ ਉਹ ਵਿਦੇਸ਼ ਫੇਰੀ ਤੋਂ ਬਾਅਦ ਇਥੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹਨ ਪਰ ਮਾਨਸਾ ਪੁਲੀਸ ਉਨ੍ਹਾਂ ਨੂੰ ਇਥੇ ਆਉਣ ਤੋਂ ਰੋਕਣ ਲਈ ਲਈ ਬੀਤੀ ਦੇਰ ਸ਼ਾਮ ਤੋਂ ਹੀ ਫੋਨ ਰਾਹੀਂ ਸੁਨੇਹੇ ਦਿੰਦੀ ਰਹੀ ਕਿ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ, ਜਿਸ ਕਰਕੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਚਿਤਾਵਨੀ ਦੇ ਬਾਵਜੂਦ ਉਹ ਆਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਉਨ੍ਹਾਂ ਵਿਰੁੱਧ ਸਿੱਧੂ ਮੂਸੇਵਾਲਾ ਦੀ ਵਿਧਾਨ ਸਭਾ ਚੋਣ ਵੇਲੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸ਼ਿਕਾਇਤ ਪਰਚਾ ਦਰਜ ਕਰ ਦਿੱਤਾ ਗਿਆ ਸੀ।