ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਅਧੀਨ ਆਉਂਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਨਾਮੀ ਚਰਚ ਨੂੰ ਬੀਤੇ ਦਿਨੀਂ ਕੁਝ ਅਣਪਛਾਤੇ ਸ਼ਰਾਰਤੀ ਵਿਅਕਤੀਆਂ ਨੇ ਨਿਸ਼ਾਨਾ ਬਣਾ ਕੇ ਮੂਰਤੀਆਂ ਦੀ ਭੰਨਤੋੜ ਕੀਤੀ ਸੀ। ਚਰਚ ‘ਚ ਪਈਆਂ ਯੀਸ਼ੂ ਮਸੀਹ ਤੇ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪੁੱਜ ਗਿਆ ਹੈ। ਇਸ ਮਾਮਲੇ ਦੇ ਸਬੰਧ ‘ਚ ਪਟੀਸ਼ਨ ਦਾਇਰ ਕਰਦਿਆਂ ਪੰਜਾਬ ‘ਚ ਸਾਰੀਆਂ ਚਰਚਾਂ ਤੇ ਕ੍ਰਿਸ਼ਚੀਅਨ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਨੈਸ਼ਨਲ ਕ੍ਰਿਸ਼ਚੀਅਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਗਿੱਲ ਨੇ ਉਕਤ ਪਟੀਸ਼ਨ ਦਾਇਰ ਕੀਤੀ ਹੈ ਜਿਸ ‘ਤੇ ਜਲਦੀ ਸੁਣਵਾਈ ਹੋਵੇਗੀ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਈਸਾਈ ਭਾਈਚਾਰੇ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਚਰਚ ‘ਚ ਵਾਪਰੀ ਘਟਨਾ ਤੋਂ ਬਾਅਦ ਭਾਈਚਾਰਾ ਪੰਜਾਬ ‘ਚ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਕਤ ਘਟਨਾ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦੀ ਹੈ। ਜੇਕਰ ਪੁਲੀਸ ਨੇ ਜਲਦੀ ਕਾਰਵਾਈ ਨਾ ਕੀਤੀ ਤਾਂ ਪੰਜਾਬ ‘ਚ ਫਿਰਕੂ ਦੰਗਿਆਂ ਦੀ ਸਥਿਤੀ ਬਣ ਜਾਵੇਗੀ। ਪਟੀਸ਼ਨ ‘ਚ ਪੰਜਾਬ ਸਰਕਾਰ, ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਪਾਰਟੀ ਬਣਾਇਆ ਗਿਆ ਹੈ।
ਓਧਰ ਪੰਜਾਬ ‘ਚ ਮਸੀਹੀ ਭਾਈਚਾਰੇ ਦੀਆਂ ਵੱਖ-ਵੱਖ ਸੰਪਰਦਾਵਾਂ, ਰੋਮਨ ਕੈਥੋਲਿਕ ਚਰਚ, ਚਰਚ ਆਫ ਨਾਰਥ ਇੰਡੀਆ ਦੀਆਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਡਾਇਓਸਿਸ, ਸਾਲਵੇਸ਼ਨ ਆਰਮੀ ਅਤੇ ਮੈਥੋਡਿਸਟ ਚਰਚ ਦੇ ਨੁਮਾਇੰਦਿਆਂ ਨੇ ਮੀਟਿੰਗ ਕਰਦਿਆਂ ਪੱਟੀ ਦੀ ਇਕ ਚਰਚ ‘ਚ ਵਾਪਰੀ ਭੰਨ-ਤੋੜ ਦੀ ਘਟਨਾ ਦੀ ਨਿੰਦਾ ਕੀਤੀ ਹੈ। ਇਨ੍ਹਾਂ ਸੰਪਰਦਾਵਾਂ ਨੇ ਪੰਜਾਬ ‘ਚ ਚਰਚਾਂ ਨੂੰ ਵਧੇਰੇ ਸੁਰੱਖਿਆ ਮੁਹੱਈਆ ਕਰਨ, ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕਰਦਿਆਂ 3 ਸਤੰਬਰ ਨੂੰ ਸੂਬੇ ਭਰ ‘ਚ ਇਸ ਘਟਨਾ ਖ਼ਿਲਾਫ਼ ਕੈਂਡਲ ਮਾਰਚ ਪ੍ਰਾਥਨਾਵਾਂ ਕਰਨ ਦਾ ਸੱਦਾ ਦਿੱਤਾ ਹੈ। ਇਸ ਘਟਨਾ ਦੇ ਰੋਸ ਵਜੋਂ ਮਸੀਹੀ ਭਾਈਚਾਰੇ ਦੀਆਂ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਵੀ ਬੰਦ ਰੱਖੇ ਗਏ।
Related Posts
Add A Comment