ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੋਟਕੂਪਰਾ ਗੋਲੀ ਕਾਂਡ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਪੇਸ਼ ਕੀਤੀ ਗਈ ਚਾਰਜਸ਼ੀਟ ‘ਚ ਮੁਲਜ਼ਮ ਦੇ ਤੌਰ ‘ਤੇ ਨਾਂ ਸ਼ਾਮਲ ਕੀਤੇ ਜਾਣ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਭ ਕੁਝ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੋ ਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਮੰਤਰੀ ਕੁਲਦੀਪ ਧਾਲੀਵਾਲ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੁਝ ਹੀ ਦਿਨ ਪਹਿਲਾਂ ਬਰਗਾੜੀ ਮੋਰਚੇ ‘ਚ ਜਾ ਕੇ ਪਹਿਲਾਂ ਹੀ ਇਹ ਵਾਅਦਾ ਕਰਦੇ ਆਏ ਸਨ ਕਿ ਇਸ ਮਾਮਲੇ ‘ਚ ਬਾਦਲ ਪਰਿਵਾਰ ਨੂੰ ਨਾਮਜ਼ਦ ਕੀਤਾ ਜਾਵੇਗਾ। ਇਸ ਲਈ ਚਾਰਜਸ਼ੀਟ ‘ਚ ਅਜਿਹਾ ਹੋਣਾ ਹੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹੇ ਝੂਠੇ ਫੈਬਰੀਕੇਟਿਡ ਕੇਸ ਦਾ ਉਹੀ ਹਾਲ ਹੋਣਾ ਹੈ, ਜੋ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦਾ ਪੰਜਾਬ ਹਰਿਆਣਾ ਹਾਈ ਕੋਰਟ ‘ਚ ਹੋਇਆ ਸੀ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ‘ਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ‘ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਚਾਰਜਸ਼ੀਟ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ‘ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।