ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਆਚੀ ਸਿਆਸੀ ਜ਼ਮੀਨ ਤਲਾਸ਼ਣ ਲਈ ਇਕ ਕਦਮ ਅੱਗੇ ਪੁੱਟਦੇ ਹਨ ਤਾਂ ਨਾਲ ਹੀ ਕੋਈ ਅਜਿਹਾ ਘਟਨਾਕ੍ਰਮ ਹੋ ਜਾਂਦਾ ਹੈ ਕਿ ਅਕਾਲੀ ਦਲ ਮੁੜ ਬੈਕਫੁੱਟ ‘ਤੇ ਚਲਾ ਜਾਂਦਾ। ਹਾਲੇ ਇਕ ਦਿਨ ਪਹਿਲਾਂ ਹੀ ਉਨ੍ਹਾਂ ਦਿੱਲੀ ‘ਚ ਸਰਨਾ ਭਰਾਵਾਂ ਦੇ ਅਕਾਲੀ ਦਲ (ਦਿੱਲੀ) ਨਾਲ ‘ਪੰਥਕ ਏਕਤਾ’ ਦਾ ਐਲਾਨ ਕਰਕੇ ਰਲੇਵਾਂ ਕੀਤਾ ਸੀ। ਦੂਜੇ ਪਾਸੇ ਹੁਣ ਅਕਾਲੀ ਦਲ ‘ਚ ਨਵੀਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਲੈ ਕੇ ਮਸਲਾ ਖੜ੍ਹਾ ਹੋਇਆ ਹੈ। ਸਾਬਕਾ ਮੈਂਬਰ ਪਾਰਲੀਮੈਂਟ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ 21 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਸਿਮਰਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਭੂੰਦੜ, ਰਵੀ ਇੰਦਰ ਸਿੰਘ, ਚਰਨਜੀਤ ਸਿੰਘ ਅਟਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ 11 ਹੋਰ ਵੱਡੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਵਲੋਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਖਾਰਜ ਕਰ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਆਖਿਆ ਹੈ ਕਿ ਜਗਮੀਤ ਬਰਾੜ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੈ ਕਿ ਉਹ ਪਾਰਟੀ ਦੀ ਤਾਲਮੇਲ ਕਮੇਟੀ ਬਣਾ ਸਕਣ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਪੱਸ਼ਟ ਕਰਦਾ ਹੈ ਕਿ ਅਸੀਂ ਨਾ ਤਾਂ ਕੋਈ ਤਾਲਮੇਲ ਕਮੇਟੀ ਬਣਾਈ ਹੈ ਅਤੇ ਨਾ ਹੀ ਕਿਸੇ ਨੂੰ ਕਮੇਟੀ ਬਨਾਉਣ ਦਾ ਅਧਿਕਾਰ ਦਿੱਤਾ ਹੈ। ਅਕਾਲੀ ਦਲ ਬਰਾੜ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਨੂੰ ਖਾਰਜ ਕਰਦਾ ਹੈ।