ਸਾਊਥ ਅਫਰੀਕਾ ਦੇ ਪੂਰਬੀ ਕੇਪ ਸੂਬੇ ‘ਚ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਘੱਟੋ-ਘੱਟ ਅੱਠ ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਇਸ ਦੌਰਾਨ ਤਿੰਨ ਹੋਰ ਜ਼ਖਮੀ ਹੋਏ ਹਨ। ਇਸ ਦੀ ਜਾਣਕਾਰੀ ਪੁਲੀਸ ਨੇ ਦਿੱਤੀ ਹੈ। ਰਿਪੋਰਟ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸ਼ਾਮ ਪੰਜ ਵਜੇ ਦੇ ਕਰੀਬ ਕਵਾਜ਼ਾਕੇਲੇ ‘ਚ ਇਕ ਘਰ ਦਾ ਮਾਲਕ ਕਈ ਮਹਿਮਾਨਾਂ ਨਾਲ ਆਪਣੀ ਜਨਮ ਦਿਨ ਦੀ ਪਾਰਟੀ ਕਰ ਰਿਹਾ ਸੀ। ਇਸ ਦੌਰਾਨ ਦੋ ਬੰਦੂਕਧਾਰੀ ਉਸ ਦੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੂਰਬੀ ਕੇਪ ‘ਚ ਪੁਲੀਸ ਬੁਲਾਰੇ ਪ੍ਰਿਸਿਲਾ ਨਾਇਡੂ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ 2 ਔਰਤਾਂ ਤੇ 2 ਪੁਰਸ਼ ਗੰਭੀਰ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਕਿ ਵਿਅਕਤੀ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਨਾਇਡੂ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ ਮਕਾਨ ਮਾਲਕ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲੀਸ ਨੇ ਸ਼ੱਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਜਦਕਿ ਘਟਨਾ ਵਾਲੀ ਥਾਂ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ।