ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਆਪ’ ਦੇ ਉਸ ਕੈਬਨਿਟ ਮੰਤਰੀ ਵਿਰੁੱਧ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ, ਜਿਸ ਦੀ ਵੀਡੀਓ ਫੋਰੈਂਸਿਕ ਜਾਂਚ ਲਈ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੰਤਰੀ ‘ਤੇ ਗੰਭੀਰ ਦੋਸ਼ ਲੱਗੇ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਪ੍ਰਭਾਵ ਨਾਲ ਉਕਤ ਮੰਤਰੀ ਨੂੰ ਕੈਬਨਿਟ ਤੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕਰਵਾਉਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸੇਧਦਿਆਂ ਬਾਜਵਾ ਨੇ ਕਿਹਾ ਕਿ ਜਲੰਧਰ ਵਰਗੇ ਵੱਡੇ ਜ਼ਿਲ੍ਹੇ ਦੀ ਸੁਰੱਖਿਆ ਲਈ 2500 ਪੁਲੀਸ ਮੁਲਾਜ਼ਮ ਤਾਇਨਾਤ ਹਨ, ਜਦਕਿ ਮੁੱਖ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ 1250 ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਕੋਲ ਕੁਲ 900 ਨਿੱਜੀ ਸੁਰੱਖਿਆ ਗਾਰਡ ਮੌਜੂਦ ਹਨ। ਬਾਜਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਡਬਲ ਜ਼ੈੱਡ ਪਲੱਸ ਸੁਰੱਖਿਆ ਅਤੇ ਲੈਂਡ ਕਰੂਜ਼ਰਾਂ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਉਕਤ ਆਗੂਆਂ ਵੱਲੋਂ ਕੀਤੇ ਗਏ ਸਾਰੇ ਦਾਅਵੇ ਝੂਠੇ ਸਾਬਤ ਹੋਏ ਹਨ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ‘ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਉਹ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਰੇਤ ਦੀ ਖ਼ੁਦਾਈ ਤੋਂ 34,000 ਕਰੋੜ ਰੁਪਏ ਅਤੇ 20,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨਗੇ ਜਦਕਿ ਉਹ ਇਕ ਸਾਲ ‘ਚ ਹੁਣ ਤੱਕ ਸਿਰਫ਼ 125 ਕਰੋੜ ਰੁਪਏ ਦਾ ਮਾਲੀਆ ਰੇਤ ਤੋਂ ਪੈਦਾ ਕਰ ਸਕੇ ਹਨ। ਬਾਜਵਾ ਨੇ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਜਲੰਧਰ ‘ਚ ਕੀਤੀ ਜਾਣ ਵਾਲੀ ਰੈਲੀ ਨੂੰ ਰੱਦ ਕਰਵਾਉਣ ਲਈ ਵੀ ਸਰਕਾਰ ਵੱਲੋਂ ਦਬਾਅ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਲਕੌਰ ਸਿੰਘ ਦੋ ਰੋਜ਼ਾ ਦੌਰੇ ਤਹਿਤ ਜਲੰਧਰ ਆਏ ਹੋਏ ਹਨ ਤੇ ਪੁਲੀਸ ਵੱਲੋਂ ਉਨ੍ਹਾਂ ‘ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਜਲੰਧਰ ‘ਚ ਆਪਣੇ ਪ੍ਰੋਗਰਾਮ ਰੱਦ ਕਰ ਦੇਣ। ਬਾਜਵਾ ਨੇ ਦਾਅਵਾ ਕੀਤਾ ਕਿ ਜਿਸ ਘਰ ‘ਚ ਬਲਕੌਰ ਸਿੰਘ ਠਹਿਰੇ ਹੋਏ ਹਨ ਉਸ ਨੂੰ ਪੁਲੀਸ ਨੇ ਲਗਪਗ ਸੀਲ ਕਰ ਦਿੱਤਾ ਸੀ।