ਲੁਧਿਆਣਾ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਸੁਪਰੀਮ ਕੋਰਟ ਉਸ ਦੀ ਰਾਹਤ ਲਈ ਪਾਈ ਪਟੀਸ਼ਨ ਖਾਰਜ ਕਰ ਦਿੱਤੀ। ਬੈਂਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਦੇ ਚੱਲਦਿਆਂ ਹੁਣ ਬੈਂਸ ਲਈ ਸਾਰੇ ਰਾਹ ਬੰਦ ਹੁੰਦੇ ਨਜ਼ਰ ਆ ਰਹੇ ਹਨ। ਯਾਦ ਰਹੇ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ 10 ਜੂਨ ਨੂੰ ਹੀ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਸਾਬਕਾ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਜਸਟਿਸ ਲੀਜ਼ਾ ਗਿੱਲ ਨੇ ਦਲੀਲਾਂ ਸੁਣਨ ਤੋਂ ਬਾਅਦ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰਨ ਦਾ ਫ਼ੈਸਲਾ ਸੁਣਾਇਆ ਸੀ। ਮਾਨਯੋਗ ਸੁਪਰੀਮ ਕੋਰਟ ਤੋਂ ਰਾਹਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਲਾਕਾ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਬੈਂਸ ਨੂੰ ਪਹਿਲਾਂ ਹੀ ਭਗੌਡ਼ਾ ਕਰਾਰ ਦਿੱਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੁਣ ਬੈਂਸ ਦੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਬੈਂਸ ਮੁਸ਼ਕਲ ’ਚ ਫਸ ਗਏ ਹਨ। ਵਿਧਵਾ ਔਰਤ ਵੱਲੋਂ ਅਦਾਲਤ ਦੇ ਹੁਕਮਾਂ ’ਤੇ ਵਿਧਾਇਕ ਬੈਂਸ ਤੇ ਹੋਰਨਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 6 ਦੀ ਪੁਲੀਸ ਵੱਲੋਂ ਜਬਰ ਜਿਨਾਹ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਦਾਲਤ ’ਚ ਪੇਸ਼ੀ ਭੁਗਤਣ ਦੇ ਹੁਕਮ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਔਰਤ ਨੇ ਲੁਧਿਆਣਾ ਦੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।