ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਦੇ ਹੱਕ ‘ਚ ਜਿਥੇ ਭਾਜਪਾ ਦੇ ਕਈ ਕੇਂਦਰੀ ਆਗੂ ਵੋਟਾਂ ਮੰਗ ਰਹੇ ਹਨ ਉਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਚੋਣ ਪ੍ਰਚਾਰ ‘ਚ ਕੁੱਦੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪ ਚੋਣ ਕੇਂਦਰ ਦੀ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਲਈ ਵੋਟ ਹੋਵੇਗੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਸਰਕਾਰ ‘ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਮੁਲਜ਼ਮ ਮੁਖਤਾਰ ਅੰਸਾਰੀ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਲਾਹ ਦਿੱਤੀ ਕਿ ਉਹ ਬੋਲਣ ਤੋਂ ਪਹਿਲਾਂ ਸੋਚ ਲੈਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਤਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਇਹ ਉਪ ਚੋਣ ਦਰਸਾਏਗੀ ਕਿ ਲੋਕ ਮੋਦੀ ਸਰਕਾਰ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਲਈ ਇਹ ਮੋਦੀ ਲਈ ‘ਹਾਂ’ ਅਤੇ ‘ਨਾਂਹ’ ਦੀ ਚੋਣ ਹੈ। ਕੈਪਟਨ ਨੇ ਕਿਹਾ ਕਿ ਮੋਦੀ ਦੇ ਕੰਮ ਨੇ ਵਿਸ਼ਵ ਪੱਧਰ ‘ਤੇ ਭਾਰਤ ਦਾ ਨਾਂ ਬਹੁਤ ਉੱਚਾ ਕੀਤਾ ਹੈ ਕਿਉਂਕਿ ਉਨ੍ਹਾਂ ਨੂੰ ਦੂਜੇ ਦੇਸ਼ਾਂ ‘ਚ ਬਹੁਤ ਜ਼ਿਆਦਾ ਮਾਣ-ਤਾਣ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੰਦਰੂਨੀ ਤੌਰ ‘ਤੇ ਵੀ ਭਾਰਤ ਦੇ ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨੇ ਦੇਸ਼ ਨੂੰ ਮਜ਼ਬੂਤ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਬਹੁਤ ਦੇਰ ਨਾਲ ਕੀਤਾ ਹੈ ਅਤੇ ਉਸ ਨੂੰ ਬਹੁਤ ਪਹਿਲਾਂ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਾਬਕਾ ਮੁੱਖ ਮੰਤਰੀ ਨੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਕਿਸੇ ਵਿਸ਼ੇਸ਼ ਭਾਈਚਾਰੇ ਨੂੰ ਬਦਨਾਮ ਕੀਤਾ ਜਾ ਰਿਹਾ ਹੈ।