ਆਮ ਆਦਮੀ ਪਾਰਟੀ ਨੇ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ। ਬੀਤੇ ਕੱਲ੍ਹ ਹੀ ਜਲੰਧਰ ਵੈਸਟ ਦੇ ਸਾਬਕਾ ਵਿਧਾਇਕ ਰਿੰਕੂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ ਸੀ। ਉਸੇ ਵੇਲੇ ਕਿਆਸ ਲਗਾਏ ਜਾ ਰਹੇ ਸਨ ਕਿ ਉਹ ‘ਆਪ’ ਵੱਲੋਂ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ। ਉਨ੍ਹਾਂ ਦੇ ਨਾਂ ਦਾ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿਟਰ ਹੈਂਡਲ ‘ਤੇ ਕੀਤਾ ਹੈ। ਮੁੱਖ ਮੰਤਰੀ ਨੇ ਜਥੇਬੰਦਕ ਜਨਰਲ ਸਕੱਤਰ ਡਾ. ਸੰਦੀਪ ਪਾਠਕ ਦੇ ਦਸਤਖਤਾਂ ਹੇਠ ਜਾਰੀ ਪੱਤਰ ਨੂੰ ਟਵੀਟ ਕਰਦਿਆਂ ਰਿੰਕੂ ਨੂੰ ਵਧਾਈ ਵੀ ਦਿੱਤੀ। ਕਾਂਗਰਸ ਤੋਂ ਬਾਅਦ ਆਮ ਆਦਮੀ ਪਾਰਟੀ ਆਪਣਾ ਉਮੀਦਵਾਰ ਖੜ੍ਹਾ ਕਰਨ ਵਾਲੀ ਦੂਜੀ ਪਾਰਟੀ ਬਣ ਗਈ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਮੈਦਾਨ ‘ਚ ਉਤਾਰਿਆ ਹੈ। ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ-ਬਸਪਾ ਗੱਠਜੋੜ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਰਿੰਕੂ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਆਮ ਆਦਮੀ ਪਾਰਟੀ ਦੀ ਆਲੋਚਨਾ ਵੀ ਸ਼ੁਰੂ ਹੋ ਗਈ ਹੈ ਕਿ 92 ਵਿਧਾਇਕਾਂ ਵਾਲੀ ਸੱਤਾ ‘ਤੇ ਕਾਬਜ਼ ਪਾਰਟੀ ਨੂੰ ਪਾਰਟੀ ‘ਚ ਵਿੱਚੋਂ ਕੋਈ ਯੋਗ ਉਮੀਦਵਾਰ ਹੀ ਨਹੀਂ ਮਿਲਿਆ ਅਤੇ ਬਾਹਰੋਂ ਸ਼ਾਮਲ ਕੀਤੇ ਸਾਬਕਾ ਵਿਧਾਇਕ ਨੂੰ ਹੀ ਟਿਕਟ ਨਾਲ ਨਿਵਾਜ ਦਿੱਤਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵੱਖਰੀ ਰਾਜਨੀਤੀ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ‘ਚ ਹੁਣ ਰਵਾਇਤੀ ਪਾਰਟੀਆਂ ਤੋਂ ਕੋਈ ਫਰਕ ਨਹੀਂ ਰਿਹਾ ਜਿਨ੍ਹਾਂ ਵੱਲੋਂ ਦੂਜੀਆਂ ਪਾਰਟੀਆਂ ਦੇ ਆਗੂ ਸ਼ਾਮਲ ਕਰਕੇ ਟਿਕਟਾਂ ਦੇਣ ‘ਤੇ ਅਕਸਰ ਆਲੋਚਨਾ ਕੀਤੀ ਜਾਂਦੀ ਰਹੀ ਹੈ।