ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ ਅਨੁਸਾਰ ਪੰਜਾਬ ਸਰਕਾਰ ਵੱਲੋਂ ਨਾਰਕੋਟਿਕਸ ਕੰਟਰੋਲ ਸੈੱਲ ਫਿਰੋਜ਼ਪੁਰ ਦੇ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ’ਤੇ ਦੋਸ਼ ਹੈ ਕਿ ਇਨ੍ਹਾਂ ਨੇ ਦੋ ਨੌਜਵਾਨਾਂ ਕੰਵਲਜੀਤ ਪੁੱਤਰ ਬਲਜੀਤ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜ਼ਿਲ੍ਹਾ ਲੁਧਿਆਣਾ ਅਤੇ ਗੌਰਵ ਪਾਰੀਕ ਪੁੱਤਰ ਲਕਸ਼ਮੀ ਨਾਰਾਇਣ ਪਾਰੀਕ ਵਾਸੀ ਭੇਰੂ ਜੀ ਬੀਕਾਨੇਰ ਰਾਜਸਥਾਨ ਨੂੰ ਇਕ ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਵਾਲੇ ਝੂਠੇ ਕੇਸ ’ਚ ਫਸਾਇਆ ਹੈ। ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਨੂੰ ਜਿਵੇਂ ਹੀ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਕਰਨ ਦੇ ਹੁਕਮ ਦਿੱਤੇ, ਜਿਸ ’ਚ ਪਾਇਆ ਗਿਆ ਕਿ ਫਡ਼ੇ ਗਏ ਨੌਜਵਾਨਾਂ ਖ਼ਿਲਾਫ਼ ਪੁਲੀਸ ਨੇ ਪੈਸੇ ਕਮਾਉਣ ਦੇ ਲਾਲਚ ’ਚ ਝੂਠਾ ਮੁਕਦਮਾ ਦਰਜ ਕੀਤਾ ਹੈ ਅਤੇ ਦਬਾਅ ਪਾ ਕੇ ਉਨ੍ਹਾਂ ਕੋਲੋਂ ਪੈਸੇ ਲਏ ਹਨ। ਫਿਰੋਜ਼ਪੁਰ ਛਾਉਣੀ ’ਚ ਪੁਲੀਸ ਵੱਲੋਂ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਅੰਗਰੇਜ਼ ਸਿੰਘ ਅਤੇ ਜੋਗਿੰਦਰ ਸਿੰਘ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਵਰਣਨਯੋਗ ਹੈ ਕਿ ਇਹ ਗੱਲ ਬਹੁਤ ਵੱਡੀ ਹੈਰਾਨੀ ਦੀ ਹੈ ਕਿ ਆਖਿਰ ਨਾਰਕੋਟਿਕਸ ਕੰਟਰੋਲ ਸੈੱਲ ਦੀ ਪੁਲੀਸ ਦੇ ਕੋਲ ਇਕ ਕਿਲੋ ਹੈਰੋਇਨ ਕਿੱਥੋਂ ਆਈ? ਇਸ ਕੇਸ ’ਚ ਜਿਵੇਂ-ਜਿਵੇਂ ਜਾਂਚ ਅੱਗੇ ਵਧੇਗੀ, ਉਵੇਂ ਉਵੇਂ ਇਸ ਕੇਸ ’ਚ ਹੋਰ ਵੀ ਕਈ ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆ ਸਕਦੀਆਂ ਹਨ, ਪਰ ਇਸ ਕਾਰਵਾਈ ਨਾਲ ਇਕ ਵਾਰ ਪੁਲੀਸ ਵਿਭਾਗ ’ਚ ਹਡ਼ਕੰਮ ਜ਼ਰੂਰ ਮੱਚ ਗਿਆ ਹੈ।