ਕੋਟਕਪੂਰਾ ‘ਚ ਦਸ ਨਵੰਬਰ ਨੂੰ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਛੇਵੇਂ ਸ਼ੂਟਰ ਰਮਜ਼ਾਨ ਖ਼ਾਨ ਉਰਫ਼ ਰਾਜ ਹੁੱਡਾ ਨੂੰ ਰਾਜਸਥਾਨ ਦੇ ਜੈਪੁਰ ਤੋਂ ਪੁਲੀਸ ਮੁਕਾਬਲਾ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਹੁੱਡਾ ਦੇ ਦੋ ਸਾਥੀਆਂ ਹੈਪੀ ਮੇਹਲਾ (19) ਤੇ ਸਾਹਿਲ ਮੇਹਲਾ (18) ਵਾਸੀ ਹਨੂਮਾਨਗੜ੍ਹ ਨੂੰ ਵੀ ਹਿਰਾਸਤ ‘ਚ ਲਿਆ ਹੈ। ਇਨ੍ਹਾਂ ਤੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਸੂਬਾ ਪੁਲੀਸ ਮੁਖੀ ਨੇ ਦੱਸਿਆ ਕਿ ਟਾਸਕ ਫੋਰਸ ਨੇ ਮੁਲਜ਼ਮ ਰਮਜ਼ਾਨ ਖਾਨ ਦੀ ਭਾਲ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ ਡੀ.ਐੱਸ.ਪੀ. ਬਿਕਰਮ ਬਰਾੜ ਤੇ ਡੀ.ਐੱਸ.ਪੀ. ਰਾਜਨ ਪਰਮਿੰਦਰ ਦੀ ਅਗਵਾਈ ‘ਚ ਪੁਲੀਸ ਟੀਮਾਂ ਨੇ ਜੈਪੁਰ ‘ਚ ਵਿਨਾਇਕ ਐਨਕਲੇਵ ਕਲੋਨੀ ਦੀ ਇਕ ਇਮਾਰਤ ‘ਚ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ‘ਚ ਸਫਲਤਾ ਹਾਸਲ ਕੀਤੀ। ਇਥੇ ਉਹ ਕਿਰਾਏ ਦੇ ਮਕਾਨ ‘ਚ ਆਪਣੇ ਦੋ ਸਾਥੀਆਂ ਨਾਲ ਛੁਪਿਆ ਹੋਇਆ ਸੀ। ਯਾਦਵ ਨੇ ਦੱਸਿਆ ਕਿ ਕੇਂਦਰੀ ਜਾਂਚ ਏਜੰਸੀਆਂ ਅਤੇ ਰਾਜਸਥਾਨ ਪੁਲੀਸ ਨੇ ਸਾਂਝੇ ਅਪਰੇਸ਼ਨ ਦੌਰਾਨ ਰਮਜ਼ਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਪੁਲੀਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਇਸੇ ਦੌਰਾਨ ਪੰਜਾਬ ਪੁਲੀਸ ਦੀ ਟੀਮ ਵੱਲੋਂ ਕੀਤੀ ਜਵਾਬੀ ਗੋਲੀਬਾਰੀ ‘ਚ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਜੈਪੁਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਏ.ਜੀ.ਟੀ.ਐੱਫ. ਨੇ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਸ਼ਾਮਲ ਦੋ ਮੁੱਖ ਸ਼ੂਟਰਾਂ ਮਨਪ੍ਰੀਤ ਸਿੰਘ ਉਰਫ਼ ਮਨੀ ਤੇ ਭੁਪਿੰਦਰ ਸਿੰਘ ਉਰਫ਼ ਗੋਲਡੀ ਤੇ ਇਨ੍ਹਾਂ ਦੀ ਮਦਦ ਕਰਨ ਵਾਲੇ ਬਲਜੀਤ ਸਿੰਘ ਉਰਫ਼ ਮੰਨਾ ਨੂੰ ਗ੍ਰਿਫ਼ਤਾਰ ਕੀਤਾ ਸੀ।