ਡੇਰਾ ਸੱਚਾ ਸੌਦਾ ਵਾਲੇ ਗੁਰਮੀਤ ਰਾਮ ਰਹੀਮ ਦੇ ਪੰਜਾਬ ਵਿਚਲੇ ਹੈੱਡਕੁਆਰਟਰ ਡੇਰਾ ਸਲਾਬਤਪੁਰਾ ਵਿਖੇ ਹੋਣ ਵਾਲੀ ਨਾਮ ਚਰਚਾ ਨੂੰ ਰੋਕਣ ਲਈ ਸਿੱਖ ਸੰਗਤਾਂ ਨੇ ਜਾਮ ਲਗਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨਸਿੰਘ ਵਾਲਾ ਦੀ ਅਗਵਾਈ ਹੇਠ ਸਿੱਖ ਸੰਗਤਾਂ ਨੇ ਡੇਰਾ ਸਲਾਬਤਪੁਰਾ ਨੂੰ ਜਾਣ ਵਾਲੀ ਬਾਜਾਖਾਨਾ ਬਰਨਾਲਾ ਸੜਕ ‘ਤੇ ਧਰਨਾ ਲਾਇਆ। ਜ਼ਿਕਰਯੋਗ ਹੈ ਕਿ ਹਰ ਐਤਵਾਰ ਨੂੰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਵੱਡੀਆਂ ਸਕਰੀਨਾਂ ਰਾਹੀਂ ਡੇਰਾ ਪ੍ਰੇਮੀਆਂ ਨੂੰ ਸੰਬੋਧਨ ਕੀਤਾ ਜਾਂਦਾ ਹੈ। ਅੱਜ ਵੀ ਜਦੋਂ ਵੱਡੀ ਗਿਣਤੀ ਡੇਰਾ ਪ੍ਰੇਮੀ ਗੱਡੀਆਂ ਅਤੇ ਬੱਸਾਂ ਰਾਹੀਂ ਸਲਾਬਤਪੁਰਾ ਡੇਰੇ ‘ਚ ਜਾ ਰਹੇ ਸਨ ਤਾਂ ਸਿੱਖ ਸੰਗਤਾਂ ਨੇ ਉਨ੍ਹਾਂ ਦਾ ਰਾਹ ਰੋਕ ਲਿਆ। ਇਸ ਮੌਕੇ ਜਸਕਰਨ ਸਿੰਘ ਕਾਹਨਸਿੰਘ ਵਾਲਾ ਨੇ ਦੋਸ਼ ਲਾਇਆ ਕਿ ਡੇਰਾ ਸਿਰਸਾ ਮੁਖੀ ਜਾਣਬੁਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ‘ਚ ਡੇਰਾ ਮੁਖੀ ਦਾ ਨਾਮ ਆ ਚੁੱਕਾ ਹੈ ਪਰ ਪੰਜਾਬ ਪੁਲੀਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਸਗੋਂ ਪੰਜਾਬ ਸਰਕਾਰ ਪੁਲੀਸ ਦੇ ਪਹਿਰੇ ਹੇਠ ਨਾਮ ਚਰਚਾਵਾਂ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਗੰਭੀਰ ਕੇਸਾਂ ‘ਚ ਸਜ਼ਾਯਾਫਤਾ ਡੇਰਾ ਮੁਖੀ ਪੰਜਾਬ ਅੰਦਰ ਡੇਰੇ ਖੋਲ੍ਹਣ ਦੀ ਸਾਜ਼ਿਸ਼ ਰਚ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਡੇਰਾ ਮੁਖੀ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ‘ਚ ਬੰਦ ਕਰੇ। ਸਿੱਖ ਸੰਗਤਾਂ ਵੱਲੋਂ ਲਾਏ ਗਏ ਜਾਮ ਨੂੰ ਦੇਖਦਿਆਂ ਵੱਡੀ ਗਿਣਤੀ ਪੁਲੀਸ ਫੋਰਸ ਤੈਨਾਤ ਕੀਤੀ ਗਈ ਹੈ। ਡੀ.ਐੱਸ.ਪੀ. ਫੂਲ ਆਸਵੰਦ ਸਿੰਘ ਵੱਲੋਂ ਧਰਨਾਕਾਰੀਆਂ ਸਿੱਖ ਸੰਗਤਾਂ ਨਾਲ ਗੱਲਬਾਤ ਕੀਤੀ ਗਈ। ਅਖੀਰ ਇਹ ਨਾਮ ਚਰਚਾ ਰੋਕਣ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ।