ਸੀਨੀਅਰ ਕਾਂਗਰਸੀ ਆਗੂ ਅਤੇ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਮੁਲਾਕਾਤ ਕੀਤੀ ਅਤੇ ਮੂਸੇਵਾਲਾ ਦੀ ਯਾਦਗਾਰ ਸਥਾਪਤ ਕਰਨ ਲਈ ਆਪਣੇ ਸਥਾਨਕ ਖੇਤਰ ਵਿਕਾਸ ਫੰਡ ਵਿੱਚੋਂ 20 ਲੱਖ ਰੁਪਏ ਜਾਰੀ ਕੀਤੇ ਹਨ। ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਅਮਰ ਸਿੰਘ ਨੇ ਕਿਹਾ ਕਿ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਉਨ੍ਹਾਂ ਦੇ ਪਿੰਡ ‘ਚ ਯਾਦਗਾਰ ਬਣਾਉਣ ਲਈ ਆਪਣੇ ਐੱਮ.ਪੀ. ਫੰਡ ਵਿੱਚੋਂ 20 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਦੌਰਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ‘ਚ ਸਿੱਧੂ ਦੇ ਪਰਿਵਾਰ ਨੂੰ ਮਨਜ਼ੂਰੀ ਪੱਤਰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਸਾਡੇ ਦਿਲਾਂ ‘ਚ ਵੱਸਦਾ ਰਹੇਗਾ। ਜ਼ਿਕਰਯੋਗ ਹੈ ਕਿ ਹਰ ਐਤਵਾਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੱਡੀ ਗਿਣਤੀ ‘ਚ ਉਸ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਪਹੁੰਚਦੇ ਹਨ ਅਤੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਵਾਉਣ ਲਈ ਪ੍ਰਸ਼ੰਸਕ ਵੱਖ-ਵੱਖ ਥਾਵਾਂ ‘ਤੇ ਕੈਂਡਲ ਮਾਰਚ ਕਰ ਰਹੇ ਹਨ। ਇਸੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸਰਕਾਰ ਇਹ ਵੀ ਨਹੀਂ ਦੱਸ ਸਕੀ ਕਿ ਸਿੱਧੂ ਮੂਸੇਵਾਲਾ ਦੀ ਸਕਿਉਰਿਟੀ ਕਿਸ ਅਧਿਕਾਰੀ ਨੇ ਵਾਪਸ ਲਈ ਸੀ।