ਦਰਿਆਵਾਂ ਤੇ ਡਰੇਨਾਂ ’ਚ ਕੈਮੀਕਲ, ਫੈਕਟਰੀਆਂ ਦਾ ਪਾਣੀ ਅਤੇ ਹੋਰ ਗੰਦਗੀ ਪੈਣ ਦਾ ਮੁੱਦਾ ਕਾਫੀ ਸਮੇਂ ਤੋਂ ਭਖਿਆ ਹੋਇਆ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸੁਲਤਾਨਪੁਰ ਲੋਧੀ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਕਾਲੀ ਵੇਈਂ ਵਾਂਗ ਦਰਿਆਵਾਂ ਦਾ ਪਾਣੀ ਵੀ ਪੀਣਯੋਗ ਬਣਾਇਆ ਜਾਵੇਗਾ। ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤ ਦੇ ਸਹਿਯੋਗ ਨਾਲ ਬਾਬਾ ਨਾਨਕ ਦੀ ਪਲੀਤ ਹੋ ਚੁੱਕੀ ਕਾਲੀ ਵੇਈਂ ਨਦੀ ਨੂੰ ਏਨਾ ਸਾਫ਼ ਕਰ ਦਿੱਤਾ ਹੈ ਕਿ ਹੁਣ ਇਸ ਦਾ ਪਾਣੀ ਸਿੱਧੇ ਤੌਰ ’ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਕੁਦਰਤੀ ਸਰੋਤਾਂ, ਦਰਿਆਵਾਂ ਅਤੇ ਡਰੇਨਾਂ ਦੀ ਸਾਫ਼-ਸਫ਼ਾਈ ਲਈ ਵਿਆਪਕ ਪੱਧਰ ’ਤੇ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਰ ਫਿਰ ਵੀ ਇਸ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਰੁੱਖਾਂ ਹੇਠ ਰਕਬਾ ਵਧਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਲੀ ਲਹਿਰ ਸ਼ੁਰੂ ਕੀਤੀ ਗਈ ਹੈ। ਲੋਕ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪਾਲਣ ਵੱਲ ਧਿਆਨ ਕੇਂਦਰਿਤ ਕਰਨ ਤਾਂ ਜੋ ਆਉਣ ਵਾਲੀਆਂ ਪੀਡ਼੍ਹੀਆਂ ਲਈ ਧਰਤੀ ਨੂੰ ਬਚਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਦੀ ਵਿਵੇਕਸ਼ੀਲ ਵਰਤੋਂ ਯਕੀਨੀ ਬਣਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ’ਤੇ ਦਬਾਅ ਘਟਾ ਕੇ ਤੇਜ਼ੀ ਨਾਲ ਡਿੱਗਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਸੂਬੇ ਦੇ ਵਾਤਾਵਰਨ ਨੂੰ ਤਬਾਹ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਤਰੀਆਂ ਕੋਲ ਵੱਧ ਤੋਂ ਵੱਧ ਬੁਟੇ ਲਾਉਣ ਦੀ ਜ਼ਿੰਮੇਵਾਰੀ ਸੀ, ਉਨ੍ਹਾਂ ਨੇ ਕਮਿਸ਼ਨ ਲੈਣ ਖਾਤਰ ਰੁੱਖ ਵੱਢਣ ਦੀ ਆਗਿਆ ਦੇ ਦਿੱਤੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਿਛਲੇ 22 ਵਰ੍ਹਿਆਂ ਵਿੱਚ ਵੇਈਂ ਦੀ ਸਫ਼ਾਈ ਦੌਰਾਨ ਆਈਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਿਸਟਮ ਦੀਆਂ ਖਾਮੀਆਂ ਅਤੇ ਲਾਪ੍ਰਵਾਹੀਆਂ ਨੇ ਪੰਜਾਬ ਦੇ ਦਰਿਆ ਪਲੀਤ ਕੀਤੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਜਦੋਂ ਤੱਕ ਅਫ਼ਸਰਸ਼ਾਹੀ ਦੀ ਜਵਾਬਦੇਹੀ ਤੈਅ ਨਹੀਂ ਕੀਤੀ ਜਾਂਦੀ ਉਦੋਂ ਤੱਕ ਬੁੱਢਾ ਦਰਿਆ ਸਮੇਤ ਪੰਜਾਬ ਦਾ ਕੋਈ ਦਰਿਆ ਸਾਫ਼ ਨਹੀਂ ਹੋ ਸਕਦਾ।