ਇਕ ਸਮੇਂ ਆਮ ਆਦਮੀ ਪਾਰਟੀ ‘ਚ ਸਰਗਰਮ ਅਤੇ ਹਲਕਾ ਦਾਖਾ ਤੋਂ ਵਿਧਾਇਕ ਚੁਣੇ ਗਏ ਸੁਪਰੀਮ ਕੋਰਟ ਦੇ ਉੱਘੇ ਵਕੀਲ ਐੱਚ.ਐੱਸ. ਫੂਲਕਾ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਦਖ਼ਲ ਮੰਗਿਆ ਹੈ। ਐਡਵੋਕੇਟ ਫੂਲਕਾ ਨੇ ਆਪਣੇ ਸਾਥੀਆਂ ਸਣੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕੁਦਰਤੀ ਵਿਧੀ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ। ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲਣ ਵਾਲੇ ਵਫ਼ਦ ‘ਚ ਡਾ. ਅਵਤਾਰ ਸਿੰਘ, ਡਾ. ਚਮਨ ਲਾਲ ਵਸ਼ਿਸ਼ਟ ਅਤੇ ਹੋਰ ਵੀ ਸ਼ਾਮਲ ਸਨ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਫੂਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਪੰਜਾਬ ਦੀ ਹੋਂਦ ਬਚਾਉਣ ਵਾਸਤੇ ਇਸ ਦੇ ਪਾਣੀ ਨੂੰ ਬਚਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਬਿਜਾਈ ਵੇਲੇ ਪਾਣੀ ਦੀ ਵੱਧ ਵਰਤੋਂ ਕਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ, ਇਨ੍ਹਾਂ ‘ਚੋਂ ਝੋਨੇ ਦੀ ਫਸਲ ਲਈ ਵਧੇਰੇ ਪਾਣੀ ਦੀ ਵਰਤੋਂ ਹੋ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਗਏ ਕੁਝ ਖੇਤੀ ਮਾਹਿਰਾਂ ਨੇ ਜਥੇਦਾਰ ਨੂੰ ਕੁਦਰਤੀ ਖੇਤੀ ਰਾਹੀਂ ਝੋਨੇ ਦੀ ਬਿਜਾਈ ਦੇ ਨਵੇਂ ਢੰਗ-ਤਰੀਕਿਆਂ ਤੋਂ ਜਾਣੂ ਕਰਾਇਆ। ਜਿਸ ਨਾਲ ਨਾ ਸਿਰਫ ਜ਼ਮੀਨ ਹੇਠਲੇ ਪਾਣੀ ਦੀ ਵਧੇਰੇ ਵਰਤੋਂ ਨੂੰ ਰੋਕਿਆ ਜਾ ਸਕਦਾ ਹੈ ਸਗੋਂ ਜ਼ਹਿਰ ਮੁਕਤ ਖੇਤੀ ਵੀ ਕੀਤੀ ਜਾ ਸਕਦੀ ਹੈ। ਖੇਤੀ ਮਾਹਰ ਡਾਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਜਥੇਦਾਰ ਹਰਪ੍ਰੀਤ ਸਿੰਘ ਨੇ ਇਸ ਮਾਮਲੇ ‘ਚ ਹਾਂ-ਪੱਖੀ ਹੁੰਗਾਰਾ ਦਿੱਤਾ ਹੈ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।